- Updated: September 09, 2022 08:48 PM
ਪੰਜਾਬ 'ਚ ਇਨ੍ਹੀਂ ਦਿਨੀਂ ਧਰਮ ਪਰਿਵਰਤਨ ਦਾ ਮੁੱਦਾ ਕਾਫੀ ਭਖਦਾ ਜਾ ਰਿਹਾ ਹੈ, ਜਿਸ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਕਈ ਮੀਟਿੰਗਾਂ ਵੀ ਬੁਲਾਈਆਂ ਗਈਆਂ ਹਨ ਤਾਂ ਜੋ ਸਿੱਖ ਧਰਮ ਨੂੰ ਛੱਡ ਕੇ ਹੋਰ ਧਰਮਾਂ ਨੂੰ ਅਪਣਾਉਣ ਵਾਲਿਆਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਨੱਥ ਪਾਈ ਜਾ ਸਕੇ ਪਰ ਅੱਜ ਵੀ ਇਸਾਈ ਭਾਈਚਾਰੇ ਵੱਲੋਂ ਆਪਣੇ ਧਰਮ ਦਾ ਪ੍ਰਚਾਰ ਕਰਕੇ ਲੋਕਾਂ ਨੂੰ ਇਸਾਈ ਧਰਮ ਨਾਲ ਜੋੜਿਆ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਜੈਨੀ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਇੱਕ 14 ਸਾਲਾ ਲੜਕੀ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਦਿੱਤਾ ਗਿਆ, ਜਿਸ ਕਾਰਨ ਪਰਿਵਾਰ ਵਿੱਚ ਰੋਸ ਹੈ ਅਤੇ ਇਸ ਕਾਰਨਪੀੜਤ ਪਰਿਵਾਰ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਸਿੱਖ ਜੱਥੇਬੰਦੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਿੱਖ ਪਰਿਵਾਰ ਨਾਲ ਸਬੰਧਤ 14 ਸਾਲਾ ਲੜਕੀ ਜਿਸਨੇ ਅੰਮ੍ਰਿਤ ਛਕਿਆ ਹੋਇਆ ਹੈ ਦਾ ਇੱਕ ਔਰਤ ਵੱਲੋਂ ਧਰਮ ਪਰਿਵਰਤਨ ਕਰਵਾਇਆ ਗਿਆ।ਇਸ ਕਾਰਨ ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਇੱਕ ਸ਼ਿਕਾਇਤ ਆਈ ਸੀ ਜਿਸ ਵਿੱਚ ਪਰਿਵਾਰ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਦੀ ਲੜਕੀ ਆਪਣੇ ਮਾਮੇ ਦੇ ਘਰ ਗਈ ਸੀ, ਜਿੱਥੇ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਨੇ ਉਸ ਦਾ ਧਰਮ ਪਰਿਵਰਤਨ ਕਰਵਾ ਦਿੱਤਾ, ਜਿਸ ਕਾਰਨ ਪੁਲਿਸ ਨੇ ਧਾਰਾ 295 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।