ਬਿਕਰਮ ਮਜੀਠੀਆ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਵੰਡਾਉਣ ਪਹੁੰਚੇ , ਪੰਜਾਬ ਸਰਕਾਰ ’ਤੇ ਕੀਤਾ ਵੱਡਾ ਹਮਲਾ 

 ਬਿਕਰਮ ਮਜੀਠੀਆ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਵੰਡਾਉਣ ਪਹੁੰਚੇ , ਪੰਜਾਬ ਸਰਕਾਰ ’ਤੇ ਕੀਤਾ ਵੱਡਾ ਹਮਲਾ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬੁੱਧਵਾਰ ਨੂੰ ਪਿੰਡ ਮੂਸਾ ਪਹੁੰਚੇ, ਜਿਥੇ ਉਨ੍ਹਾਂ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਿਚ ਕਟੌਤੀ ਕਰਨ ਅਤੇ ਕਟੌਤੀ ਦਾ ਪ੍ਰਚਾਰ ਕਰਨ ਵਾਲਿਆਂ ਉਪਰ ਕਾਰਵਾਈ ਹੋਵੇ। ਮਜੀਠੀਆ ਨੇ ਕਿਹਾ ਕਿ ਮੂਸੇ ਵਾਲਾ ਦੇ ਮਾਪਿਆਂ ਸਮੇਤ ਸਿੱਧੂ ਦੀ ਮੌਤ ਨੇ ਸਮੁੱਚੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਾਹਿਗੁਰੂ ਮੂਸੇ ਵਾਲਾ ਦੇ ਮਾਪਿਆਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਉਨ੍ਹਾਂ ਕਿਹਾ ਕਿ ਇਹ ਬੜਾ ਦੁਖਦਾਈ ਹਾਦਸਾ ਸੀ ਕਿਉਂਕਿ ਜਿਸ ਨੇ ਬਹੁਤ ਛੋਟੀ ਉਮਰ ਵਿਚ ਪੰਜਾਬ ਦਾ ਨਾਂ ਦੁਨੀਆਂ ਭਰ ਵਿਚ ਰੌਸ਼ਨ ਕੀਤਾ ਹੋਵੇ, ਉਸ ਦਾ ਦਿਨ ਦਿਹਾੜੇ ਕਤਲ ਹੋ ਜਾਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਵਕਤ ਮੈਂ ਅਤੇ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਵਿਚ ਇਕੱਠੇ ਹੀ ਸੀ ਅਤੇ ਅੱਜ ਮੈਂ ਆਪਣੇ ਅਤੇ ਬਲਵੰਤ ਰਾਜੋਆਣਾ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਇਆ ਹਾਂ, ਕਿਉਂਕਿ ਸਿੱਧੂ ਮੂਸੇਵਾਲਾ ਦੇ ਐੱਸ. ਵਾਈ. ਐੱਲ. ਗਾਣੇ ਵਿਚ ਵੀ ਬਲਵੰਤ ਸਿੰਘ ਰਾਜੋਆਣਾ ਦਾ ਜ਼ਿਕਰ ਹੋਇਆ ਸੀ।’ ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਲੜਾਈ ਵਿਚ ਉਹ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।