ਭਗਵੰਤ ਮਾਨ ਦੀ ਕੋਠੀ ਸਾਮਣੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ।

ਭਗਵੰਤ ਮਾਨ ਦੀ ਕੋਠੀ ਸਾਮਣੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਧੱਕਾ-ਮੁੱਕੀ।


ਸੰਗਰੂਰ, 13 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਅੱਜ ਜੰਮ ਕੇ ਧੱਕਾ-ਮੁੱਕੀ ਹੋਈ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਇਸ ਦੌਰਾਨ ਚਾਰ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ, ਕਈਆਂ ਦੀਆਂ ਪੱਗਾਂ ਲੱਥ ਗਈਆਂ ਤੇ ਕੱਪੜੇ ਫਟ ਗਏ। ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਮਾਸਟਰ ਕੇਡਰ ਦੀਆਂ 4161 ਅਸਾਮੀਆਂ ਵਿੱਚ ਵਾਧਾ ਕਰਨ ਅਤੇ ਜਲਦ ਲਿਖਤੀ ਪ੍ਰੀਖਿਆ ਕਰਾਉਣ ਦੀ ਮੰਗ ਕਰ ਰਹੇ ਸਨ। ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਅੱਜ ਪਟਿਆਲਾ ਰੋਡ ਸਥਿਤ ਮਿਲਕ ਪਲਾਂਟ ਨੇੜੇ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਇਕੱਠੇ ਹੋਏ ਤੇ ਇਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਪਹੁੰਚੇ। ਇਥੇ ਪਹਿਲਾਂ ਹੀ ਪੁਲੀਸ ਨੇ ਬੈਰੀਕੇਡਿੰਗ ਕਰਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਤਾਇਨਾਤ ਕੀਤੇ ਹੋਏ ਸਨ। ਜਿਵੇਂ ਹੀ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ। ਪੁਲੀਸ ਨਾਲ ਹੋਈ ਧੱਕਾ-ਮੁੱਕੀ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਤਿੰਨ ਵਾਰ ਬੈਰੀਕੇਡ ਟੱਪਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ।
 

ਬੇਰੁਜ਼ਗਾਰ ਅਧਿਪਕਾਂ ਦੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੋਸ਼ ਲਾਇਆ ਕਿ ਜਦੋਂ ਪ੍ਰਦਰਸ਼ਨਕਾਰੀ ਕੋਠੀ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਵੱਲੋਂ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਦੋ ਪ੍ਰਦਰਸ਼ਨਕਾਰੀ ਜ਼ਮੀਨ ’ਤੇ ਡਿੱਗ ਪਏ, ਕਈਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਕੱਪੜੇ ਵੀ ਫ਼ਟ ਗਏ। ਉਨ੍ਹਾਂ ਦੋਸ਼ ਲਾਇਆ ਕਿ ਬੈਰੀਕੇਡ ਉਪਰ ਚੜ੍ਹੇ ਬੇਰੁਜ਼ਗਾਰਾਂ ਦੇ ਲਾਠੀਆਂ ਦੀਆਂ ਹੁੱਜਾਂ ਮਾਰੀਆਂ ਗਈਆਂ। ਧੱਕਾ-ਮੁੱਕੀ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸ਼ਾਮ ਕਰੀਬ ਸਾਢੇ ਚਾਰ ਵਜੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 19 ਜੁਲਾਈ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਨਿਸ਼ਚਿਤ ਹੋਣ ਦਾ ਲਿਖਤੀ ਪੱਤਰ ਯੂਨੀਅਨ ਨੂੰ ਸੌਂਪਿਆ ਗਿਆ, ਜਿਸ ਮਗਰੋਂ ਰੋਸ ਧਰਨਾ ਸਮਾਪਤ ਕੀਤਾ ਗਿਆ।