- Updated: July 02, 2022 12:13 PM
ਪੰਜਾਬ ਕੈਬਨਿਟ ਵਿੱਚ ਨਵੇਂ ਵਿਸਥਾਰ ਨੂੰ ਅੱਜ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ। ਅਗਲੇ ਹਫ਼ਤੇ ਸੋਮਵਾਰ ਨੂੰ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸੋਂਹ ਦਿਵਾਏ ਜਾਣ ਦੀ ਸੰਭਾਵਨਾ ਹੈ। ਫਿਲਹਾਲ ਪੰਜਾਬ ਕੈਬਿਨੇਟ ਵਿਚ ਕੁਲ 9 ਮੰਤਰੀ ਹਨ ਜਦਕਿ ਨਿਯਮਾਂ ਮੁਤਾਬਿਕ ਪੰਜਾਬ ਵਿਚ 17 ਮੰਤਰੀ ਬਣਾਏ ਜਾ ਸਕਦੇ ਹਨ। ਲਿਹਾਜਾ ਪੰਜਾਬ ਵਿਚ ਮੰਤਰੀਆਂ ਦੇ 8 ਅਹੁਦੇ ਅਜੇ ਭਰੇ ਜਾਣੇ ਬਾਕੀ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਕੈਬਿਨੇਟ ਵਿਸਥਾਰ ਨੂੰ ਲੈ ਕੇ ਚਰਚਾ ਕੀਤੀ ਹੈ। ਸੂਤਰਾਂ ਅਨੁਸਾਰ ਨਵੇਂ ਮੰਤਰੀਆਂ ਦੀ ਚੋਣ ਅਤੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਨੂੰ ਮੰਜੂਰੀ ਦਿੱਤੀ ਗਈ ਹੈ। ਨਵੇਂ ਮੰਤਰੀਆਂ ਨੂੰ ਐਤਵਾਰ ਜਾਂ ਸੋਮਵਾਰ ਨੂੰ ਹਲਫ਼ ਦਿਵਾਏ ਜਾਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਮਾਰਚ ਮਹੀਨੇ ‘ਆਪ’ ਸਰਕਾਰ ਬਨਣ ’ਤੇ ਪਹਿਲੇ ਗੇੜ ਵਿੱਚ ਕੈਬਨਿਟ ਵਿਚ 10 ਮੰਤਰੀ ਸ਼ਾਮਲ ਕੀਤੇ ਗਏ ਸਨ, ਜਿਨ੍ਹਾਂ ’ਚੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਵੇਲੇ ਮੁੱਖ ਮੰਤਰੀ ਤੋਂ ਇਲਾਵਾ ਕੈਬਿਨੇਟ ਵਿਚ 9 ਮੰਤਰੀ ਸ਼ਾਮਲ ਹਨ। ਸੂਤਰਾਂ ਅਨੁਸਾਰ ਦੂਸਰੇ ਗੇੜ ਵਿਚ ਚਾਰ ਜਾਂ ਪੰਜ ਮੰਤਰੀਆਂ ਨੂੰ ਸਹੁੰ ਚੁਕਾਈ ਜਾਣੀ ਹੈ ਜਿਨ੍ਹਾਂ ਵਿਚ ਇੱਕ ਮਹਿਲਾ ਵਿਧਾਇਕ ਨੂੰ ਵੀ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ। ਮਹਿਲਾ ਵਿਧਾਇਕਾਂ ’ਚੋਂ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ, ਖਰੜ ਤੋਂ ਅਨਮੋਲ ਗਗਨ ਮਾਨ ਅਤੇ ਇੰਦਰਜੀਤ ਕੌਰ ਨੂੰ ਕੈਬਿਨੇਟ ਵਿਚ ਸ਼ਾਮਲ ਕੀਤੇ ਜਾਣ ਦੀ ਚਰਚਾ ਹੈ। ਸੂਤਰਾਂ ਮੁਤਾਬਕ ਇੱਕ ਵਜ਼ੀਰੀ ਦੂਸਰੀ ਦਫਾ ਬਣੇ ਵਿਧਾਇਕਾਂ ’ਚੋਂ ਦਿੱਤੇ ਜਾਣ ਦੀ ਸੰਭਾਵਨਾ ਹੈ, ਜਿਨ੍ਹਾਂ ’ਚ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਦਾ ਨਾਮ ਸਬ ਤੋਂ ਉਪਰ ਦੱਸਿਆ ਜਾ ਰਿਹਾ ਹੈ। ਕੈਬਿਨੇਟ ਵਿਚ ਇੱਕ ਚਿਹਰਾ ਜ਼ਿਲ੍ਹੇ ਫਿਰੋਜ਼ਪੁਰ ਤੇ ਫਾਜ਼ਿਲਕਾ ’ਚੋਂ ਸ਼ਾਮਲ ਕੀਤਾ ਜਾ ਸਕਦਾ ਹੈ ਅਤੇ ਖਾਸ ਕਰਕੇ ਕੈਬਨਿਟ ਵਿਚ ਰਾਏ ਸਿੱਖ ਬਰਾਦਰੀ ਨੂੰ ਪ੍ਰਤੀਨਿਧਤਾ ਦਿੱਤੀ ਜਾ ਸਕਦੀ ਹੈ। ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਜਾਂ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਸਿੰਘ ਸਵਨਾ ਨੂੰ ਵੀ ਮੌਕਾ ਮਿਲ ਸਕਦਾ ਹੈ।