ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਕੇਂਦਰ ਸਰਕਾਰ ਨੇ 12 ਫ਼ੀਸਦੀ GST ਲਾਇਆ ਜਿਸ ਕਾਰਣ ਸੰਗਤਾਂ ਵਿਚ ਗੁੱਸਾ।

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਕੇਂਦਰ ਸਰਕਾਰ ਨੇ 12 ਫ਼ੀਸਦੀ GST ਲਾਇਆ ਜਿਸ ਕਾਰਣ ਸੰਗਤਾਂ ਵਿਚ ਗੁੱਸਾ।

ਕੇਂਦਰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਨਾਲ ਸੰਬਧਿਤ ਤਿੰਨ ਸਰਾਵਾਂ ਬਾਬਾ ਦੀਪ ਸਿੰਘ ਯਾਤਰੀ ਨਿਵਾਸ, ਮਾਤਾ ਭਾਗ ਕੌਰ ਨਿਵਾਸ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐੱਨ. ਆਰ. ਆਈ. ਨਿਵਾਸ 'ਤੇ 12 ਫ਼ੀਸਦੀ ਜੀ. ਐੱਸ. ਟੀ. ਲਗਾਇਆ ਹੈ। ਇਨ੍ਹਾਂ ਤਿੰਨਾਂ ਸਰਾਵਾਂ ਦਾ ਸੰਚਾਲਨ ਸ੍ਰੀ ਦਰਬਾਰ ਸਾਹਿਬ ਵਲੋਂ ਕੀਤਾ ਜਾਂਦਾ ਹੈ। ਪਤਾ ਲੱਗਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਯਾਤਰੀਆਂ ਕੋਲੋਂ ਲਏ ਜਾਂਦੇ ਕਮਰਿਆਂ ਦੇ ਕਿਰਾਏ ਦੇ ਨਾਲ-ਨਾਲ 12 ਫ਼ੀਸਦੀ ਜੀ. ਐੱਸ. ਟੀ. ਵਸੂਲਿਆ ਜਾ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ ਨੇ ਕੀਤੀ ਹੈ।ਜਾਣਕਾਰੀ ਮੁਤਾਬਕ ਬਾਬਾ ਦੀਪ ਸਿੰਘ ਨਿਵਾਸ ਵਿਖੇ ਯਾਤਰੀਆਂ ਕੋਲੋਂ ਪੰਜ ਸੋ ਰੁਪਏ ਪ੍ਰਤੀ ਕਮਰਾ ਕਿਰਾਇਆ ਲਿਆ ਜਾਂਦਾ ਹੈ ਜਿਸ ਦਾ ਕਿਰਾਇਆ ਹੁਣ ਜੀ. ਐੱਸ. ਟੀ. ਸਮੇਤ 100% ਰੁਪਏ ਪ੍ਰਤੀ ਕਮਰਾ ਹੋ ਗਿਆ ਹੈ। ਇਸੇ ਤਰ੍ਹਾਂ ਨਾਲ ਮਾਤਾ ਭਾਗ ਕੌਰ ਨਿਵਾਸ ਵਿਖੇ ਕਮਰੇ ਦਾ ਕਿਰਾਇਆ ਸਿਰਫ਼ 300 ਰੁਪਏ ਹੈ ਜੋ ਹੁਣ 336 ਰੁਪਏ ਹੋ ਗਿਆ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਐੱਨ. ਆਰ. ਆਈ. ਸਰਾਂ ਵਿਖੇ ਕਮਰੇ ਦਾ ਕਿਰਾਇਆ 700 ਰੁਪਏ ਪ੍ਰਤੀ ਕਮਰਾ ਹੈ ਜੋ ਹੁਣ ਵਧ ਕੇ 784 ਰੁਪਏ ਹੋ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀ. ਐੱਸ. ਟੀ. ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫ਼ੈਸਲਾ ਬੇਹੱਦ ਨਿੰਦਣਯੋਗ ਹੈ ਅਤੇ ਸੰਗਤ ਵਿਰੋਧੀ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆ ਭਰ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨ੍ਹਾਂ ਦੇ ਠਹਿਰਣ ਲਈ ਸੰਸਥਾ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ ’ਤੇ ਜੀ. ਐੱਸ. ਟੀ. ਲਗਾ ਕੇ ਸੰਗਤ ’ਤੇ ਵਾਧੂ ਬੋਝ ਪਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਵੱਲੋਂ ਚੜ੍ਹਾਈ ਜਾਂਦੀ ਭੇਟਾ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਸੰਗਤਾਂ ਦੀ ਸਹੂਲਤ ਲਈ ਵਰਤਦੀ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਦੌਰਾਨ ਵੀ ਲੋਕ ਭਲਾਈ ਲਈ ਸੇਵਾਵਾਂ ਵਿਚ ਮੋਹਰੀ ਰਹਿੰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਵਿਚ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਸਰਾਵਾਂ ਵਪਾਰਕ ਨਹੀਂ ਹਨ, ਇਸ ਲਈ ਇਸ ’ਤੇ ਕਿਸੇ ਕਿਸਮ ਦਾ ਟੈਕਸ ਸਰਕਾਰੀ ਸਰਾਸਰ ਧੱਕਾ ਹੈ।
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਲਈ ਰਿਹਾਇਸ਼ ਦਾ ਪ੍ਰਬੰਧ ਕਰਨਾ ਸਾਡੀ ਜ਼ਿੰਮੇਵਾਰੀ ਹੈ ਤੇ ਅਸੀਂ ਕਦੀ ਸਰਕਾਰ ਕੋਲੋਂ ਕਿਸੇ ਤਰ੍ਹਾਂ ਦੀ ਸਹੂਲਤ ਦੀ ਮੰਗ ਨਹੀਂ ਕੀਤੀ ਪਰ ਧਾਰਮਿਕ ਯਾਤਰਾ 'ਤੇ ਆਏ ਸ਼ਰਧਾਲੂਆਂ ਦੀ ਰਿਹਾਇਸ਼ ਲਈ ਕਮਰੇ ਦੇ ਕਿਰਾਏ 'ਤੇ ਜੀ. ਐੱਸ. ਟੀ. ਲਾਗੂ ਕਰਨਾ ਆਪਣੇ ਆਪ ਵਿਚ ਜਜੀਆ ਟੈਕਸ ਹੈ। ਜਿਸ ਨੂੰ ਤੁਰੰਤ ਵਾਪਿਸ ਲਿਆ ਜਾਣਾ ਚਾਹੀਦਾ ਹੈ।