ਪੰਜਾਬ ’ਚ ਜਲਦ ਹੀ ਹੈਲਥ ਪਾਲਿਸੀ ਲਿਆਣ ਦਾ ਸਿਹਤ ਮੰਤਰੀ ਦਾ ਕੀਤਾ ਐਲਾਨ। 

ਪੰਜਾਬ ’ਚ ਜਲਦ ਹੀ ਹੈਲਥ ਪਾਲਿਸੀ ਲਿਆਣ ਦਾ ਸਿਹਤ ਮੰਤਰੀ ਦਾ ਕੀਤਾ ਐਲਾਨ। 


ਲੁਧਿਆਣਾ  :

ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਸਟਾਫ਼ ਦੀ ਕਮੀ ਨੂੰ ਪੂਰਾ ਕਰਨ ਦੇ ਨਾਲ ਬੁਨਿਆਦੀ ਢਾਂਚੇ (ਇੰਫਰਾਸਟਰੱਕਚਰ) ’ਚ ਸੁਧਾਰ ਲਿਆਉਣ ਅਤੇ ਹੋਰ ਕਮੀਆਂ ਨੂੰ ਦੂਰ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਜਲਦ ਹੀ ਸਿਹਤ ਪਾਲਿਸੀ ਲਿਆਂਦੀ ਜਾ ਰਹੀ ਹੈ। ਇਸ ਨਾਲ ਸਿਹਤ ਸਹੂਲਤਾਂ ’ਚ ਵੱਡੇ ਸੁਧਾਰ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇਹ ਸ਼ਬਦ ਪੰਜਾਬ ਦੇ ਸਿਹਤ ਅਤੇ ਪਰਿਵਾਰ ਕਲਿਆਣ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਵਲ ਹਸਪਤਾਲ ਸਮਰਾਲਾ ਦਾ ਦੌਰਾ ਕਰਨ ਉਪਰੰਤ ਗੱਲ ਕਰਦਿਆਂ ਕਹੇ।

 ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਉਕਤ ਕਮੀਆਂ ਨੂੰ ਦੂਰ ਕਰਨ ਲਈ ਬੀਤੇ ਦਿਨੀਂ ਸੂਬੇ ਦੇ ਸਾਰੇ ਸਿਵਲ ਸਰਜਨ ਨਾਲ ਹੋਈ ਮੀਟਿੰਗ ’ਚ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਸਬੰਧ ਵਿਚ ਜ਼ਰੂਰੀ ਫੰਡ ਵੀ ਮੁਹੱਈਆ ਕਰਵਾਏ ਜਾਣਗੇ। ਸਿਹਤ ਪਾਲਿਸੀ ਲਿਆਉਣ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਅਤੇ ਸਬ-ਡਵੀਜ਼ਨ ਪੱਧਰ ਦੇ ਹਸਪਤਾਲਾਂ ਆਦਿ ਦਾ ਦੌਰਾ ਕਰ ਕੇ ਜ਼ਮੀਨੀ ਹਕੀਕਤ ਜਾਣੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਸੁਵਿਧਾ ਅਨੁਸਾਰ ਅਗਲੇ ਕਦਮ ਚੁੱਕੇ ਜਾ ਸਕਣ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਅਤੇ ਕੈਂਸਰ ਹਸਪਤਾਲ ਬਣਾਉਣ ਅਤੇ ਡਾਇਲਸੈੱਸ ਯੂਨਿਟ ਸਥਾਪਿਤ ਕਰਨ ਦੀ ਬੇਹੱਦ ਲੋੜ ਹੈ, ਜਿਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਸਾਰਥਕ ਕਦਮ ਚੁੱਕੇ ਜਾ ਰਹੇ ਹਨ।  ਪ੍ਰਸਤਾਵਿਤ ਮੁਹੱਲਾ ਕਲੀਨਿਕਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਸੁਧਾਰਾਂ ਦੇ ਖੇਤਰ 'ਚ ਚੰਗੀ ਸ਼ੁਰੂਆਤ ਹੋ ਚੁੱਕੀ ਅਤੇ ਥੋੜ੍ਹੇ ਇੰਤਜ਼ਾਰ ਉਪਰੰਤ ਪੰਜਾਬ ਵਾਸੀਆਂ ਨੂੰ ਬਹੁਤ ਹੀ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ।