- Updated: July 07, 2022 11:58 AM
ਚੰਡੀਗੜ੍ਹ, 7 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਣੇ ਪਹੁੰਚ ਗਏ ਹਨ।ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ ਹੈ। ਹੁਣ ਭਗਵੰਤ ਮਾਨ ਦੇ ਆਨੰਦ ਕਾਰਜ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਹੋਣਗੇ।
ਮੁਹਾਲੀ:
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਨਾਲ ਮੁਹਾਲੀ ਏਅਰਪੋਰਟ 'ਤੇ ਪਹੁੰਚੇ। ਇੱਥੇ ਉਨ੍ਹਾਂ ਦਾ ਵਿੱਤ ਮੰਤਰੀ ਹਰਪਾਲ ਚੀਮਾ, ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਡੀਜੀਪੀ ਗੌਰਵ ਯਾਦਵ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਕੈਬਨਿਟ ਮੰਤਰੀ ਅਮਨ ਅਰੋੜਾ, ਚੇਤਨ ਸਿੰਘ ਜੋੜਾ ਮਾਜਰਾ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਵਿਵੇਕਸ਼ੀਲ ਸੋਨੀ ਅਤੇ ਉੱਘੀਆਂ ਸ਼ਖਸੀਅਤਾਂ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਖੁਸ਼ੀ ਦਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਕਰਵਾਉਣ ਲਈ ਵਧਾਈ ਦਿੱਤੀ।