- Updated: September 28, 2022 06:37 PM
ਬਾਘਾ ਪੁਰਾਣਾ ਵਿਖੇ ਆਪਣੀ ਬਿਮਾਰ ਮਾਂ ਦੀ ਮੌਤ ਹੋ ਜਾਣ ਕਾਰਣ ਦੁਖੀ ਹੋਏ ਪੁੱਤ ਨੇ ਵੀ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਕਿਹਾ ਕਿ ਉਸਦੀ ਮਾਤਾ ਸੱਤਪਾਲ ਕੌਰ ਬਿਮਾਰ ਰਹਿੰਦੀ ਸੀ ਜਿਸ ਕਾਰਣ ਉਸਦੀ ਮੌਤ ਹੋ ਗਈ। ਮਾਂ ਦੀ ਮੌਤ ਦੇ ਸਦਮੇ ਕਾਰਣ ਹਰਪ੍ਰੀਤ ਸਿੰਘ (30) ਜੋ ਰੇਹੜੀ ਲਗਾਉਂਦਾ ਸੀ, ਇਹ ਸਦਮਾ ਬਰਦਾਸ਼ਤ ਨਹੀਂ ਕਰ ਸਕਿਆ ਅਤੇ ਉਸਨੇ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਬਾਘਾਪੁਰਾਣਾ ਦੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਪੁਲਸ ਨੇ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।