CM ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦਾ SGPC ਨੇ ਲਿਆ ਨੋਟਿਸ।

CM ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦਾ SGPC ਨੇ ਲਿਆ ਨੋਟਿਸ।


ਅੰਮ੍ਰਿਤਸਰ-
 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਕਰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਮੈਂਬਰਾਂ ਨੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਦੇ ਇਸ਼ਟ ਹਨ ਅਤੇ ਹਰ ਸਿੱਖ ਪਾਵਨ ਗੁਰਬਾਣੀ ਨੂੰ ਸਿਖਰਲਾ ਸਤਿਕਾਰ ਦਿੰਦਾ ਹੈ।  


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ਮੌਕੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਿਆ ਜਾਂਦਾ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਤਬੇ ਅਤੇ ਸਤਿਕਾਰ ਦੀ ਤੌਹੀਨ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦੇ ਘਰ ਅਜਿਹਾ ਵਾਪਰਨਾ ਹੋਰ ਵੀ ਦੁਖਦਾਈ ਹੈ, ਕਿਉਂਕਿ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹਰ ਧਰਮ ਦੀ ਪ੍ਰਫੁੱਲਤਾ ਅਤੇ ਸਤਿਕਾਰ ਲਈ ਵਚਨਬੱਧ ਹੋਣਾ ਹੁੰਦਾ ਹੈ। ਉਸ ਦੀ ਜ਼ਿੰਮੇਵਾਰੀ ਹੈ ਕਿ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰੇ ਅਤੇ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਅਤੇ ਮਹੱਤਵ ਨੂੰ ਸਮਝੇ।