- Updated: August 01, 2022 05:50 PM
ਜਬਲਪੁਰ (ਮੱਧ ਪ੍ਰਦੇਸ਼) ਦੇ ਪ੍ਰਾਈਵੇਟ ਹਸਪਤਾਲ ਨਿਊ ਲਾਈਫ ਮਲਟੀਸਪੈਸ਼ਲਿਟੀ 'ਚ ਸੋਮਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਸੂਤਰਾਂ ਮੁਤਾਬਕ ਅੱਗ 'ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਪ੍ਰਸ਼ਾਸਨ ਨੇ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।ਦਮੋਹ ਨਾਕਾ ਸ਼ਿਵਨਗਰ ਸਥਿਤ ਇਸ ਹਸਪਤਾਲ 'ਚ ਜਿਵੇਂ ਹੀ ਅੱਗ ਲੱਗੀ ਤਾਂ ਹੜਕੰਪ ਮੱਚ ਗਿਆ। ਅੱਗ ਨੇ ਜਲਦੀ ਹੀ ਪੂਰੇ ਹਸਪਤਾਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਉਪਰਲੀ ਮੰਜ਼ਿਲ ਉਤੇ ਮੌਜੂਦ ਲੋਕਾਂ ਨੇ ਖਿੜਕੀਆਂ 'ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਪਰ, ਹੇਠਲੀ ਮੰਜ਼ਿਲ 'ਤੇ ਬੈਠੇ ਲੋਕ ਆਪਣੇ ਆਪ ਨੂੰ ਬਚਾ ਨਹੀਂ ਸਕੇ।

ਸੂਚਨਾ ਮਿਲਦੇ ਹੀ ਬਚਾਅ ਦਲ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਬਚਾਅ ਟੀਮ ਨੇ ਅੱਗ 'ਤੇ ਕਾਬੂ ਪਾਇਆ। ਇਸ ਮਾਮਲੇ 'ਤੇ ਮੰਤਰੀ ਵਿਸ਼ਵਾਸ ਸਾਰੰਗ ਨੇ ਕਿਹਾ ਕਿ ਘਟਨਾ ਦੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਇਸ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ- 'ਨਿਊ ਲਾਈਫ ਹਸਪਤਾਲ, ਜਬਲਪੁਰ 'ਚ ਅੱਗ ਦੀ ਦੁਰਘਟਨਾ 'ਚ ਕੀਮਤੀ ਜਾਨਾਂ ਦੀ ਬੇਵਕਤੀ ਮੌਤ ਦੀ ਖਬਰ ਨਾਲ ਦਿਲ ਦੁਖੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਗਹਿਰੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ।ਜਬਲਪੁਰ ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਮੈਂ ਸਥਾਨਕ ਪ੍ਰਸ਼ਾਸਨ ਅਤੇ ਕਲੈਕਟਰ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਮੁੱਖ ਸਕੱਤਰ ਨੂੰ ਪੂਰੇ ਮਾਮਲੇ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਹਤ ਅਤੇ ਬਚਾਅ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।''