ਪਟਿਆਲਾ ‘ਚ 16 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਂ ਦਾ ਰੋ-ਰੋ ਕੇ ਬੁਰਾ ਹਾਲ

ਪਟਿਆਲਾ ‘ਚ 16 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਂ ਦਾ ਰੋ-ਰੋ ਕੇ ਬੁਰਾ ਹਾਲ

ਪਟਿਆਲਾ ਦੇ ਰਣਜੀਤ ਨਗਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 16 ਸਾਲਾ ਤਨਵੀਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਰਣਜੀਤ ਨਗਰ ਵਿੱਚ ਕੁਝ ਸ਼ਰਾਰਤੀ ਅਨਸਰ ਰਹਿੰਦੇ ਹਨ, ਜੋ ਕਥਿਤ ਤੌਰ ’ਤੇ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਅਤੇ ਆਪਣੇ ਘਰਾਂ ਵਿੱਚ ਬਾਹਰਲੇ ਨੌਜਵਾਨਾਂ ਨੂੰ ਬਿਠਾ ਕੇ ਰੱਖਦੇ ਹਨ। ਪਰਿਵਾਰ ਮੁਤਾਬਕ ਇਨ੍ਹਾਂ ਨੇ ਹੀ ਵਿਅਕਤੀਆਂ ਵੱਲੋਂ ਤਨਵੀਰ ’ਤੇ ਹਮਲਾ ਕੀਤਾ ਗਿਆ।

ਪਰਿਵਾਰਕ ਮੈਂਬਰਾਂ ਮੁਤਾਬਕ ਤਨਵੀਰ ਰਾਤ ਵੇਲੇ ਆਪਣੇ ਪਿਤਾ ਨਾਲ ਕਿਸੇ ਵਿਅਕਤੀ ਨੂੰ ਛੱਡਣ ਲਈ ਜਾ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਮੁਲਜ਼ਮਾਂ ਨਾਲ ਕਰੀਬ ਦੋ ਸਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਦਾ ਉਸ ਸਮੇਂ ਪੁਲਿਸ ਦੀ ਮੌਜੂਦਗੀ ਵਿੱਚ ਸਮਝੌਤਾ ਕਰਵਾਇਆ ਗਿਆ ਸੀ।

ਦੂਜੇ ਪਾਸੇ, ਪੁਲਿਸ ਵੱਲੋਂ ਮਾਮਲੇ ਸਬੰਧੀ ਵੱਖਰਾ ਪੱਖ ਸਾਹਮਣੇ ਰੱਖਿਆ ਗਿਆ ਹੈ। ਪੁਲਿਸ ਮੁਤਾਬਕ ਤਨਵੀਰ ਛੱਤ ’ਤੇ ਪਾਰਟੀ ਕਰ ਰਿਹਾ ਸੀ ਅਤੇ ਗੁਆਂਢੀਆਂ ਨਾਲ ਪੁਰਾਣੀ ਰੰਜਿਸ਼ ਦੇ ਚੱਲਦਿਆਂ ਝਗੜਾ ਹੋਇਆ। ਇਸ ਦੌਰਾਨ ਤਨਵੀਰ ਦੇ ਪੇਟ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਪੁੱਤ ਦੇ ਕਤਲ ਮਗਰੋਂ ਮਾਂ ਦਾ ਰੋ-ਰੋ ਬੁਰਾ ਹਾਲ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਦੇ ਅਸਲ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।