- Updated: August 08, 2026 05:31 PM
ਇੱਥੇ ਬੀ. ਐੱਸ. ਐੱਫ. ਨੇ ਕਰੋੜਾਂ ਦੀ ਹੈਰੋਇਨ ਬਰਾਮਦ ਕਰਦੇ ਹੋਏ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਫਾਜ਼ਿਲਕਾ 'ਚ ਬੀ. ਐੱਸ. ਐੱਫ. ਨੇ ਕਾਊਂਟਰ ਇੰਟੈਲੀਜੈਂਸ ਵਿੰਗ ਨਾਲ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ 30 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 150 ਕਰੋੜ ਰੁਪਏ ਦੱਸੀ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗੁਪਤ ਸੂਚਨਾ ਮਿਲਦੇ ਹੀ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਬੀ. ਐੱਸ. ਐੱਫ. ਨਾਲ ਸਾਂਝੀ ਮੁਹਿੰਮ ਚਲਾਉਂਦੇ ਹੋਏ ਸ਼ਤੀਰਵਾਲਾ ਰੋਡ 'ਤੇ ਨਾਕਾਬੰਦੀ ਕੀਤੀ। ਇਸ ਦੌਰਾਨ ਮੋਟਰਸਾਈਕਲ 'ਤੇ ਆ ਰਹੇ 2 ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ।
ਉਨ੍ਹਾਂ ਦੇ ਕਬਜ਼ੇ 'ਚੋਂ ਗੱਟਿਆਂ 'ਚ ਲੁਕੋ ਕੇ ਰੱਖੇ 53 ਪੈਕਟ ਹੈਰੋਇਨ ਦੇ ਬਰਾਮਦ ਹੋਏ। ਮੌਕੇ 'ਤੇ ਦੋਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਨੂਰਸ਼ਾਹ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਹਸਤਾ ਕਲਾਂ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਦੋਹਾਂ ਨੌਜਵਾਨਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਥਾਣਾ ਫਾਜ਼ਿਲਕਾ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਜਲਦੀ ਹੀ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰੇਗੀ। ਰਿਮਾਂਡ ਦੌਰਾਨ ਪੁਲਸ ਵਲੋਂ ਫੜ੍ਹੇ ਗਏ ਦੋਸ਼ੀਆਂ ਤੋਂ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਪਤਾ ਲਾਏ ਜਾਣਗੇ।