- Updated: August 19, 2026 11:49 AM
ਪੰਜਾਬ ਪੁਲਸ ਨੇ ਸਰਹੱਦ ਪਾਰ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜ਼ਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲਮਲੇਸ਼ੀਆ ਤੋਂ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਲੋੜੀਂਦੇ ਮੁਲਜ਼ਮਾਂ ਨੂੰ ਡਿਪੋਰਟ ਕਰਵਾਇਆ ਹੈ। ਇਹ ਤਿੰਨੇ ਡਿਪੋਰਟ ਕੀਤੇ ਗਏ ਮੁਲਜ਼ਮ ਕਤਲ, ਜ਼ਬਰੀ ਵਸੂਲੀ, ਵਿਸਫੋਟਕ ਸਮੱਗਰੀ ਅਤੇ ਲੁਧਿਆਣਾ 'ਚ ਹੈਂਡ ਗ੍ਰਨੇਡ ਧਮਾਕੇ ਦੀ ਸਾਜ਼ਿਸ਼ ਸਮੇਤ ਕਈ ਮਾਮਲਿਆਂ 'ਚ ਲੋੜੀਂਦੇ ਹਨ।
ਇਨ੍ਹਾਂ ਦੇ ਸਬੰਧ ਪਾਕਿਸਤਾਨ ਦੀ ਆਈ. ਐੱਸ. ਆਈ. ਨਾਲ ਵੀ ਹਨ। ਜਸਪ੍ਰੀਤ ਸਿੰਘ ਉਰਫ਼ ਜੱਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।
ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਗੌੜੇ ਭਾਵੇਂ ਕਿਤੇ ਵੀ ਲੁਕ ਜਾਣ, ਅਸੀਂ ਉਨ੍ਹਾਂ ਨੂੰ ਲੱਭ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵਾਂਗੇ।