ਗਰਮਖਿਆਲੀ ਪੰਨੂ ਦੇ 3 ਗੁਰਗੇ ਹੋਏ ਗ੍ਰਿਫਤਾਰ , ਪੋਸਟਰ ਅਤੇ ਦੇਸ਼ ਵਿਰੋਧੀ ਝੰਡੇ ਲਗਾਉਣ ਦਾ ਕਰਦੇ ਸਨ ਕੰਮ

ਗਰਮਖਿਆਲੀ ਪੰਨੂ ਦੇ 3 ਗੁਰਗੇ ਹੋਏ ਗ੍ਰਿਫਤਾਰ , ਪੋਸਟਰ ਅਤੇ ਦੇਸ਼ ਵਿਰੋਧੀ ਝੰਡੇ ਲਗਾਉਣ ਦਾ ਕਰਦੇ ਸਨ ਕੰਮ

ਪੰਜਾਬ ਪੁਲਿਸ ਨੇ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ ਨਾਲ ਜੁੜੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦਾ ਸਪੈਸ਼ਲ ਸੈੱਲ ਉਨ੍ਹਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਦੱਸ ਦੇਈਏ ਕਿ ਅਤਿਵਾਦੀ ਪੰਨੂ ਨੇ ਸੀਐਮ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਉਹ 26 ਜਨਵਰੀ ਨੂੰ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਹੈ।

26 ਜਨਵਰੀ ਤੋਂ ਠੀਕ ਪਹਿਲਾਂ ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਤਿੰਨ ਗੁੰਡਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਨੂੰ ਬਨੂੜ ਤੋਂ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਮੋਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਦਿਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਉਨ੍ਹਾਂ ਕੋਲੋਂ ਪੋਸਟਰ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਾਲਾਂਕਿ ਪੁਲਿਸ ਉਨ੍ਹਾਂ ਬਾਰੇ ਕੁੱਝ ਵੀ ਦੱਸਣ ਤੋਂ ਬਚ ਰਹੀ ਹੈ।

ਸਿੱਖ ਫਾਰ ਜਸਟਿਸ (SFJ) ਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਤਿੰਨ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਿਹਾ ਹੈ। ਉਸ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਦੀ ਆਲੋਚਨਾ ਕੀਤੀ। ਉਸ ਨੇ ਪਿਛਲੇ ਸਮੇਂ ਦੌਰਾਨ ਹੋਏ ਮੁਕਾਬਲਿਆਂ ਬਾਰੇ ਗੱਲ ਕੀਤੀ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਸੰਪਰਕ ਕਰਨ ਲਈ ਕਿਹਾ।