ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ GST ‘ਚ 16.5 ਤੇ ਆਬਕਾਰੀ ਵਸੂਲੀ ‘ਚ 20.87 ਫੀਸਦੀ ਵਾਧਾ ਕੀਤਾ ਗਿਆ ਦਰਜ:ਮੰਤਰੀ ਚੀਮਾ

ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ GST ‘ਚ 16.5 ਤੇ ਆਬਕਾਰੀ ਵਸੂਲੀ ‘ਚ 20.87 ਫੀਸਦੀ ਵਾਧਾ ਕੀਤਾ ਗਿਆ ਦਰਜ:ਮੰਤਰੀ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀ.ਐਸ.ਟੀ.) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿਚ ਕ੍ਰਮਵਾਰ 16.5 ਫ਼ੀ ਸਦੀ ਅਤੇ 20.87 ਫ਼ੀ ਸਦੀ ਦਾ ਵਾਧਾ ਦਰਜ਼ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤਕ ਇਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫ਼ੀ ਸਦੀ ਵੱਧ ਹੈ।

ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤਕ ਕੁੱਲ 16.5 ਫ਼ੀ ਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿਚ 36.07 ਫ਼ੀ ਸਦੀ ਦਾ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀ.ਐਸ.ਟੀ ਮੁਆਵਜੇ ‘ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਕ ਪੱਖੋਂ ਆਤਮਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।