- Updated: October 26, 2024 06:01 PM
ਹਰਿਆਣਾ ਦੇ ਇੱਕ ਆਈਪੀਐੱਸ ਅਧਿਕਾਰੀ 'ਤੇ ਮਹਿਲਾ ਪੁਲਸ ਵਾਲਿਆਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਮਹਿਲਾ ਪੁਲਸ ਮੁਲਾਜ਼ਮਾਂ ਨੇ ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਪੱਤਰ ਲਿਖਿਆ ਹੈ। ਇਹ ਚਿੱਠੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ 'ਤੇ 7 ਮਹਿਲਾ ਪੁਲਸ ਕਰਮਚਾਰੀਆਂ ਦੇ ਦਸਤਖਤ ਵੀ ਹਨ। ਮੁੱਖ ਮੰਤਰੀ ਨੂੰ ਲਿਖੇ ਪੱਤਰ 'ਚ ਮਹਿਲਾ ਪੁਲਸ ਮੁਲਾਜ਼ਮਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸ਼ਿਕਾਇਤ 'ਤੇ ਧਿਆਨ ਨਾ ਦਿੱਤਾ ਗਿਆ ਤਾਂ ਉਹ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਜਾਣਗੀਆਂ।
ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਆਈਪੀਐੱਸ ਅਧਿਕਾਰੀ ਨੇ ਇੱਕ ਮਹਿਲਾ ਪੁਲਸ ਅਧਿਕਾਰੀ ਨਾਲ ਮੁਲਾਕਾਤ ਕਰਕੇ ਉਸ ’ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ। ਮਹਿਲਾ ਪੁਲਸ ਮੁਲਾਜ਼ਮਾਂ ਨੇ ਮਹਿਲਾ ਡੀਐੱਸਪੀ ਨੂੰ ਵੀ ਇਸ ਘਟਨਾ ਬਾਰੇ ਦੱਸਿਆ ਪਰ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਗੇ ਵਧਣਾ ਚਾਹੁੰਦੇ ਹਾਂ ਤਾਂ ਇਹ ਸਭ ਕੁਝ ਕਰਨਾ ਪਵੇਗਾ।
ਜਦੋਂ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਆਈਪੀਐੱਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੱਤਰ ਵਿੱਚ ਜਿਨ੍ਹਾਂ ਲੋਕਾਂ ਦੇ ਨਾਂ ਹਨ, ਉਹ ਸਾਰੇ ਕਹਿ ਰਹੇ ਹਨ ਕਿ ਇਹ ਸਾਡੇ ਵੱਲੋਂ ਨਹੀਂ ਲਿਖਿਆ ਗਿਆ ਹੈ। ਇਸ ਲਈ ਮੈਂ ਅਜੇ ਵੀ ਜਾਂਚ ਦੀ ਬੇਨਤੀ ਕੀਤੀ ਹੈ। ਪੁੱਛਗਿੱਛ ਤੋਂ ਬਾਅਦ ਸਭ ਕੁਝ ਸਾਹਮਣੇ ਆਵੇਗਾ। ਇਸ ਮਾਮਲੇ ਦੇ ਬਾਰੇ ਡੀ.ਜੀ.ਪੀ. ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।