- Updated: December 21, 2023 01:20 PM
ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ’ਤੇ ਸਨਾਈਕਰ ਰੈਸਟੋਰੈਂਟ ਨੇੜੇ ਦੇਰ ਰਾਤ ਕਰੀਬ 10 ਵਜੇ ਦੋ ਧਿਰਾਂ ਵਿਚਾਲੇ ਹੋਈ ਮਾਮੂਲੀ ਬਹਿਸ ਤੋਂ ਬਾਅਦ ਅਮਰੀਕਾ ਤੋਂ ਆਏ ਮੁੰਡੇ ਨੇ ਨੌਜਵਾਨ ਦਾ ਸ਼ਰੇਆਮ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਇਕ ਹੋਰ ਨੌਜਵਾਨ ਜ਼ਖਮੀ ਹੋਇਆ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਆਪਣੀ ਸਕਾਰਪੀਓ ਗੱਡੀ ਵਿਚ ਬੈਠ ਕੇ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ । ਮੌਕੇ ’ਤੇ ਪੁੱਜੀ ਥਾਣਾ ਸਦਰ ਪੁਲਸ ਵਲੋਂ ਕਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਮੁਕਤਸਰ ਸਾਹਿਬ ਦੀ ਪੁਲਸ ਦੇ ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ’ਤੇ ਦੋ ਧਿਰਾਂ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਜਿਸ ਵਿਚ ਇਕ ਧਿਰ ਵਲੋਂ ਗੋਲ਼ੀ ਚਲਾ ਦਿੱਤੀ ਗਈ, ਜਿਸ ਵਿਚ ਸੁਮਿਤ ਸਿੰਘ ਵਾਸੀ ਰੱਤੇਵਾਲਾ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ ਸੀ। ਗੋਲ਼ੀ ਚਲਾਉਣ ਵਾਲੇ ਮੌਕੇ ਤੋਂ ਫਰਾਰ ਹੋ ਗਏ।
ਪੁਲਸ ਵਲੋਂ ਲਵਪ੍ਰੀਤ ਸਿੰਘ ਅਤੇ ਜੈਰੀਤ ਸਿੰਘ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਲਵਪ੍ਰੀਤ ਸਿੰਘ 10 ਸਾਲ ਬਾਅਦ ਕੁਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਪੰਜਾਬ ਆਇਆ ਹੋਇਆ ਹੈ। ਫਿਲਹਾਲ ਪੁਲਸ ਵਲੋਂ ਵਾਰਦਾਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।