ED ਵਲੋਂ ਸੁਪਰੀਮ ਕੋਰਟ ’ਚ ਦਾਇਰ ਹਲਫਨਾਮੇ ’ਤੇ AAP ਦਾ ਬਿਆਨ, ‘ਭਾਜਪਾ ਦੀ ਸਿਆਸੀ ਧਿਰ ਵਜੋਂ ਕੰਮ ਕਰ ਰਹੀ ED’

ED ਵਲੋਂ ਸੁਪਰੀਮ ਕੋਰਟ ’ਚ ਦਾਇਰ ਹਲਫਨਾਮੇ ’ਤੇ AAP ਦਾ ਬਿਆਨ, ‘ਭਾਜਪਾ ਦੀ ਸਿਆਸੀ ਧਿਰ ਵਜੋਂ ਕੰਮ ਕਰ ਰਹੀ ED’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਪਣੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਣ ਵਾਲੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਦੇਸ਼ ਦੀ ਸਰਵਉੱਚ ਅਦਾਲਤ ਵਿਚ ਚੁਣੌਤੀ ਦਿਤੀ ਹੈ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਵਿਚ ਅਪਣਾ ਹਲਫਨਾਮਾ ਦਾਇਰ ਕੀਤਾ ਹੈ। ਇਸ ਹਲਫਨਾਮੇ 'ਚ ਜਾਂਚ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਨੂੰ ਸ਼ਰਾਬ ਘੁਟਾਲੇ 'ਚ ਸਬੂਤਾਂ ਨਾਲ ਵੱਡੇ ਪੱਧਰ 'ਤੇ ਛੇੜਛਾੜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਈਡੀ ਨੇ ਸੁਪਰੀਮ ਕੋਰਟ ਨੂੰ ਦਸਿਆ ਹੈ ਕਿ ਘੁਟਾਲੇ ਦੇ ਸਮੇਂ ਕਰੀਬ 170 ਮੋਬਾਈਲ ਫ਼ੋਨ ਨਸ਼ਟ ਕਰ ਦਿਤੇ ਗਏ ਸਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਇਸ ਦੇ ਜਵਾਬ ਵਿਚ ਆਮ ਆਦਮੀ ਪਾਰਟੀ ਨੇ ਕਿਹਾ, “ਈਡੀ ਬੱਸ ਝੂਠ ਬੋਲਣ ਦੀ ਮਸ਼ੀਨ ਹੈ, ਜੋ ਭਾਜਪਾ ਦੀ ਸਿਆਸੀ ਧਿਰ ਵਜੋਂ ਕੰਮ ਕਰ ਰਹੀ ਹੈ। ਈਡੀ ਕੋਲ ਕੋਈ ਸਬੂਤ ਨਹੀਂ ਹੈ। ਇਹ ਕੋਈ ਈਡੀ ਦੀ ਜਾਂਚ ਨਹੀਂ ਸਗੋਂ ਭਾਜਪਾ ਦੀ ਜਾਂਚ ਹੈ”। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਜਾਰੀ ਬਿਆਨ ਵਿਚ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ।

ਈਡੀ ਨੇ ਇਹ ਵੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਵਾਰ-ਵਾਰ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਰਹੇ ਸਨ ਅਤੇ ਪੁੱਛਗਿੱਛ ਤੋਂ ਬਚ ਰਹੇ ਸਨ। ਜਾਂਚ ਅਧਿਕਾਰੀ ਨੇ ਉਸ ਨੂੰ 9 ਵਾਰ ਸੰਮਨ ਜਾਰੀ ਕੀਤੇ ਪਰ ਉਹ ਹਰ ਵਾਰ ਪੁੱਛਗਿੱਛ ਤੋਂ ਬਚਦੇ ਰਹੇ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨਾਂ ਨੂੰ ਵਾਰ-ਵਾਰ ਨਜ਼ਰਅੰਦਾਜ਼ ਕਰਨ ਅਤੇ ਦਿੱਲੀ ਹਾਈ ਕੋਰਟ ਤੋਂ ਵੀ ਰਾਹਤ ਨਾ ਮਿਲਣ ਕਾਰਨ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦਰਅਸਲ 15 ਅਪ੍ਰੈਲ ਨੂੰ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਜੇਲ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਪਟੀਸ਼ਨ ਵਿਚ ਮੁੱਖ ਮੰਤਰੀ ਕੇਜਰੀਵਾਲ ਨੇ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿਤੀ ਹੈ, ਜਿਸ ਵਿਚ ਈਡੀ ਵਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਨਜ਼ਰਬੰਦੀ ਨੂੰ ਬਰਕਰਾਰ ਰੱਖਿਆ ਗਿਆ ਸੀ।

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਨੋਟਿਸ ਜਾਰੀ ਕਰਦੇ ਹੋਏ ਈਡੀ ਨੂੰ 24 ਅਪ੍ਰੈਲ ਤਕ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿਤਾ ਸੀ। ਬੈਂਚ ਨੇ ਕਿਹਾ ਸੀ ਕਿ ਜੇਕਰ ਪਟੀਸ਼ਨਰ ਈਡੀ ਦੇ ਜਵਾਬ 'ਚ ਕੁੱਝ ਜਵਾਬ ਦਾਖਲ ਕਰਨਾ ਚਾਹੁੰਦਾ ਹੈ ਤਾਂ ਉਹ 27 ਅਪ੍ਰੈਲ ਤਕ ਦਾਇਰ ਕਰ ਸਕਦਾ ਹੈ। ਇਹ ਵੀ ਕਿਹਾ ਗਿਆ ਕਿ ਮਾਮਲੇ ਦੀ ਸੁਣਵਾਈ 29 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿਚ ਹੋਵੇਗੀ।