AGTF ਦੀ ਲੁਧਿਆਣਾ ''ਚ ਵੱਡੀ ਕਾਰਵਾਈ, ਕਾਰੋਬਾਰੀ ਦੇ ਘਰ ''ਤੇ ਗੋਲ਼ੀਆਂ ਵਰ੍ਹਾਉਣ ਵਾਲੇ 2 ਸ਼ੂਟਰ ਹੋਏ ਕਾਬੂ

AGTF ਦੀ ਲੁਧਿਆਣਾ ''ਚ ਵੱਡੀ ਕਾਰਵਾਈ, ਕਾਰੋਬਾਰੀ ਦੇ ਘਰ ''ਤੇ ਗੋਲ਼ੀਆਂ ਵਰ੍ਹਾਉਣ ਵਾਲੇ 2 ਸ਼ੂਟਰ ਹੋਏ ਕਾਬੂ

ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਕਮਿਸ਼ਨਰੇਟ ਪੁਲਸ ਲੁਧਿਆਣਾ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇਕ ਗੈਰ-ਕਾਨੂੰਨੀ .30 ਬੋਰ ਪਿਸਤੌਲ, ਇਕ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ 'ਤੇ ਇਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿਚ ਸਨ ਅਤੇ ਉਸ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ, 15 ਨਵੰਬਰ ਨੂੰ ਲੁਧਿਆਣਾ ਵਿਚ ਇਕ ਰਿਜ਼ੋਰਟ ਮਾਲਕ ਦੇ ਘਰ 'ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

ਇਸ ਸਬੰਧੀ ਥਾਣਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਕਰਨ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖਤਮ ਕਰਨ, ਫਿਰੌਤੀ ਨਾਲ ਸਬੰਧਤ ਗਤੀਵਿਧੀਆਂ ਨੂੰ ਰੋਕਣ ਅਤੇ ਪੰਜਾਬ ਵਿਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।