- Updated: April 18, 2025 05:36 PM
ਪੰਜਾਬ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਆਪਣੀ ਕਰਵਟ ਬਦਲ ਲਈ ਹੈ। ਇਕ ਪਾਸੇ ਜਿੱਥੇ ਆਸਮਾਨ 'ਤੇ ਕਾਲੀ ਘਟਾ ਛਾ ਗਈ ਹੈ, ਉਥੇ ਹੀ ਸੂਬੇ ਦੇ ਕਈ ਜ਼ਿਲ੍ਹਿਆ ਵਿਚ ਬਾਰਿਸ਼ ਦੇ ਨਾਲ ਗੜ੍ਹੇ ਵੀ ਪਏ ਹਨ। ਮੌਸਮ ਦਾ ਮਿਜਾਜ਼ ਬਦਲਣ ਦੌਰਾਨ ਗਰਮੀ ਤੋਂ ਪੰਜਾਬ ਵਾਸੀਆਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅਗਲੇ ਕੁਝ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਬਦਲਦਾ ਰਹਿ ਸਕਦਾ ਹੈ, ਜਿਸ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ (ਐੱਸ. ਏ. ਐੱਸ. ਨਗਰ), ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੇ ਨਾਲ-ਨਾਲ ਲਗਭਗ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਮੌਸਮ ਦੇ ਤਾਜ਼ਾ ਅੰਕੜਿਆਂ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਇਹ ਰੁਝਾਨ ਜਾਰੀ ਰਹਿ ਸਕਦਾ ਹੈ, ਜਿਸ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਮੌਸਮ ਦਾ ਮਿਜਾਜ਼ ਬਦਲਣ ਦੇ ਨਾਲ ਕਿਸਾਨਾਂ ਦੇ ਵੀ ਸਾਹ ਸੂਤੇ ਗਏ ਹਨ ਕਿਉਂਕਿ ਭਾਰੀ ਬਾਰਿਸ਼ ਦੇ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਨੂੰ ਨੁਕਸਾਨ ਪਹੁੰਚ ਸਕਦਾ ਹੈ।