ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ''ਚ ਨਾਮਜ਼ਦਗੀ ਦਾਖ਼ਲ ਕਰਨ ਲਈ ਦਾਇਰ ਕੀਤੀ ਪਟੀਸ਼ਨ; ਮੰਗਿਆ ਸੱਤ ਦਿਨਾਂ ਦਾ ਸਮਾਂ

ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ''ਚ ਨਾਮਜ਼ਦਗੀ ਦਾਖ਼ਲ ਕਰਨ ਲਈ ਦਾਇਰ ਕੀਤੀ ਪਟੀਸ਼ਨ; ਮੰਗਿਆ ਸੱਤ ਦਿਨਾਂ ਦਾ ਸਮਾਂ

ਦੇਸ਼ ਭਰ 'ਚ ਇਨ੍ਹੀਂ ਦਿਨੀਂ ਚੋਣਾਂ ਦਾ ਮੌਸਮ ਚੱਲ ਰਿਹਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤਵੇਂ ਪੜਾਅ ਵਿਚ 1 ਜੂਨ ਨੂੰ ਵੋਟਾਂ ਪੈਣਗੀਆਂ। ਇਸ ਦੌਰਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅਪਣੀ ਪਟੀਸ਼ਨ 'ਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਉਨ੍ਹਾਂ ਨੂੰ 7 ਦਿਨਾਂ ਲਈ ਅਸਥਾਈ ਤੌਰ 'ਤੇ ਰਿਹਾਅ ਕੀਤਾ ਜਾਵੇ।

ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਜਸਟਿਸ ਵਿਨੋਦ ਐਸ ਭਾਰਦਵਾਜ ਦੀ ਬੈਂਚ ਦੇ ਸਾਹਮਣੇ ਹੋਵੇਗੀ। ਪਟੀਸ਼ਨ 'ਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ। ਅਪਣੀ ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ, ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਖਡੂਰ ਸਾਹਿਬ ਸੀਟ ਤੋਂ ਨਾਮਜ਼ਦਗੀ ਫਾਰਮ ਭਰਨ ਲਈ ਸਾਰੇ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

ਅੰਮ੍ਰਿਤਪਾਲ ਨੇ ਅਪਣੇ ਵਕੀਲ ਈਮਾਨ ਸਿੰਘ ਖਾਰਾ ਰਾਹੀਂ ਪਟੀਸ਼ਨ 'ਚ ਕਿਹਾ ਕਿ 2 ਮਈ 2024 ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖਿਆ ਸੀ। ਇਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦੇਣ ਲਈ ਕਿਹਾ ਸੀ। ਤਰਸੇਮ ਸਿੰਘ ਨੇ ਅਗਲੇ ਦਿਨ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪੱਤਰ ਲਿਖ ਕੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਪਟੀਸ਼ਨਕਰਤਾ ਨੂੰ ਸਹੁੰ ਚੁਕਾਉਣ ਅਤੇ ਇਸ ਦੀ ਪ੍ਰਮਾਣਿਤ ਕਾਪੀ ਰਿਟਰਨਿੰਗ ਦਫ਼ਤਰ ਨੂੰ ਭੇਜਣ ਲਈ ਵੀ ਕਿਹਾ ਸੀ।

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 6 ਮਈ ਨੂੰ ਮੁੱਖ ਚੋਣ ਕਮਿਸ਼ਨਰ, ਚੋਣ ਕਮਿਸ਼ਨ ਅਤੇ ਪੰਜਾਬ ਦੇ ਸੀਈਓ ਨੂੰ ਇਕ ਹੋਰ ਪੱਤਰ ਲਿਖਿਆ ਗਿਆ ਸੀ ਤਾਂ ਜੋ ਪਟੀਸ਼ਨਕਰਤਾ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਅਤੇ ਹੋਰ ਰਸਮਾਂ ਪੂਰੀਆਂ ਕਰਨ ਦੀ ਸਹੂਲਤ ਦਿਤੀ ਜਾ ਸਕੇ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ 7 ਮਈ ਨੂੰ ਚੋਣ ਕਮਿਸ਼ਨ ਨੇ ਪਟੀਸ਼ਨਕਰਤਾ ਦੇ ਮਾਮਲੇ ਵਿਚ ਜ਼ਰੂਰੀ ਦਿਸ਼ਾ-ਨਿਰਦੇਸ਼ ਸੀਈਓ ਨੂੰ ਭੇਜੇ ਸਨ ਅਤੇ ਉਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ।