- Updated: November 13, 2026 04:24 PM
ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਐਮ. ਪੀ. ਅੰਮ੍ਰਿਤਪਾਲ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ 14 ਨਵੰਬਰ 1 ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਲਿਹਾਜ਼ਾ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਇਕ ਦਿਨ ਦੀ ਜ਼ਮਾਨਤ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿਚ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਹ ਫੈਸਲਾ ਸੁਣਾਇਆ ਹੈ। ਵਕੀਲ ਕਰਮਵੀਰ ਸਿੰਘ ਪੰਨੂ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਦਾਦੀ ਜੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਅਦਾਲਤ ਤੋਂ ਇਜਾਜ਼ਤ ਮੰਗੀ ਗਈ ਸੀ। ਅਦਾਲਤ ਨੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਇਕ ਦਿਨ ਦੀ ਅੰਤਰਿਮ ਪੈਰੋਲ ਮਨਜ਼ੂਰ ਕੀਤੀ ਹੈ। ਵਕੀਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਪੁਲਸ ਹਿਰਾਸਤ ਵਿਚ ਹੀ ਆਉਣਗੇ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਆਉਣ-ਜਾਣ ਨਾਲ ਸਬੰਧਤ ਖਰਚਿਆਂ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਜਾਂ ਪਰਿਵਾਰ ਵੱਲੋਂ ਚੁੱਕੀ ਜਾਵੇਗੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਵਿਸਥਾਰਪੂਰਵਕ ਹੁਕਮ ਮਿਲਣ ਤੋਂ ਬਾਅਦ ਪੈਰੋਲ ਦੀਆਂ ਸ਼ਰਤਾਂ ਅਤੇ ਹੋਰ ਕਾਨੂੰਨੀ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਕੀਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਰਿਸ਼ਤੇਦਾਰ ਸੁਖਦੀਪ ਸਿੰਘ ਨੂੰ ਦੋ ਦਿਨ ਦੀ ਪੈਰੋਲ ਦਿੱਤੀ ਗਈ ਹੈ।