ਅੰਮ੍ਰਿਤਸਰ ‘ਚ ਘਰ ਅੰਦਰ ਭਿਆਨਕ ਧਮਾਕਾ, ਸ਼ੀਸ਼ੇ-ਦਰਵਾਜ਼ੇ ਤੇ ਕੰਧਾਂ ਟੁੱਟੀਆਂ; 2 ਮਹਿਲਾਵਾਂ ਗੰਭੀਰ ਝੁਲਸੀਆਂ।

ਅੰਮ੍ਰਿਤਸਰ ‘ਚ ਘਰ ਅੰਦਰ ਭਿਆਨਕ ਧਮਾਕਾ, ਸ਼ੀਸ਼ੇ-ਦਰਵਾਜ਼ੇ ਤੇ ਕੰਧਾਂ ਟੁੱਟੀਆਂ; 2 ਮਹਿਲਾਵਾਂ ਗੰਭੀਰ ਝੁਲਸੀਆਂ।

ਅਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਅਨਗੜ੍ਹ ਇਲਾਕੇ ਵਿੱਚ ਇੱਕ ਘਰ ਨੂੰ ਲੱਗੀ ਭਿਆਨਕ ਅੱਗ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਇਸ ਹਾਦਸੇ ਵਿੱਚ ਦੋ ਮਹਿਲਾਵਾਂ ਗੰਭੀਰ ਤੌਰ ‘ਤੇ ਝੁਲਸ ਗਈਆਂ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਅੱਗ ਬਹੁਤ ਤੇਜ਼ੀ ਨਾਲ ਫੈਲੀ ਅਤੇ ਘਰ ਵਿੱਚ ਭਾਰੀ ਨੁਕਸਾਨ ਹੋਇਆ।

ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 11:45 ਵਜੇ ਕੰਟਰੋਲ ਰੂਮ ਤੋਂ ਕਾਲ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਉਹ ਤੁਰੰਤ ਗੱਡੀਆਂ ਸਮੇਤ ਮੌਕੇ ਵੱਲ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਜਦੋਂ ਟੀਮ ਮੌਕੇ ‘ਤੇ ਪਹੁੰਚੀ ਤਾਂ ਅੱਗ ਕਾਫੀ ਹੱਦ ਤੱਕ ਫੈਲ ਚੁੱਕੀ ਸੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਰੀਬ 20 ਤੋਂ 25 ਮਿੰਟਾਂ ਵਿੱਚ ਅੱਗ ‘ਤੇ ਕਾਬੂ ਪਾ ਲਿਆ।

ਰਾਹਤ ਕਾਰਜ ਦੌਰਾਨ ਦੋ ਮਹਿਲਾਵਾਂ ਨੂੰ ਘਰ ਅੰਦਰੋਂ ਬਾਹਰ ਕੱਢਿਆ ਗਿਆ। ਇੱਕ ਮਹਿਲਾ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਦੂਜੀ ਵੀ ਬੁਰੀ ਤਰ੍ਹਾਂ ਝੁਲਸੀ ਹੋਈ ਸੀ। ਦੋਵਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ। ਮੌਕੇ ‘ਤੇ ਮੌਜੂਦ ਅਧਿਕਾਰੀਆਂ ਅਨੁਸਾਰ ਇੱਕ ਮਹਿਲਾ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਹਾਲਾਂਕਿ ਇਸਦੀ ਪੁਸ਼ਟੀ ਹਸਪਤਾਲ ਦੀ ਰਿਪੋਰਟ ਤੋਂ ਬਾਅਦ ਹੀ ਹੋਵੇਗੀ।

ਇਸ ਮਾਮਲੇ ‘ਤੇ ਜਾਣਕਾਰੀ ਦਿੰਦਿਆਂ ਏਸੀਪੀ-4 ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ। ਉਨ੍ਹਾਂ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਅੰਤਿਮ ਨਤੀਜੇ ‘ਤੇ ਨਹੀਂ ਪਹੁੰਚਿਆ ਗਿਆ ਅਤੇ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।