ਮਾਪਿਆਂ ਦੇ ਇਕਲੌਤੇ ਪੁੱਤ ਨੂੰ ਘਰੋਂ ਬੁਲਾ ਕੇ ਗੋਲੀ ਮਾਰ ਕੇ ਹੱਤਿਆ।

ਮਾਪਿਆਂ ਦੇ ਇਕਲੌਤੇ ਪੁੱਤ ਨੂੰ ਘਰੋਂ ਬੁਲਾ ਕੇ ਗੋਲੀ ਮਾਰ ਕੇ ਹੱਤਿਆ।

ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਮ੍ਰਿਤਕ ਦੇ ਪਿਤਾ ਲਹੌਰਾ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਬੀਤੀ ਰਾਤ, ਮੁਲਜ਼ਮ ਮੋਟਰਸਾਈਕਲ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਫਾਰਮਹਾਊਸ 'ਤੇ ਪਹੁੰਚੇ ਅਤੇ ਗੁਰਅਵਤਾਰ ਸਿੰਘ ਨੂੰ ਬਾਹਰ ਆਉਣ ਲਈ ਆਵਾਜ਼ ਮਾਰੀ। ਜਿਵੇਂ ਹੀ ਉਹ ਬਾਹਰ ਨਿਕਲਿਆ, ਦੋਵਾਂ ਧਿਰਾਂ ਵਿਚਕਾਰ ਝਗੜਾ ਸ਼ੁਰੂ ਹੋ ਗਿਆ।

ਪਰਿਵਾਰ ਦਾ ਦੋਸ਼ ਹੈ ਕਿ ਜਿਵੇਂ ਹੀ ਝਗੜਾ ਵਧਿਆ, ਗੁਰਜੰਟ ਸਿੰਘ ਅਤੇ ਹਨੀ ਨੇ ਕਥਿਤ ਤੌਰ 'ਤੇ ਪਿਸਤੌਲ ਕੱਢੀ ਅਤੇ ਗੁਰਅਵਤਾਰ ਸਿੰਘ 'ਤੇ ਫਾਇਰਿੰਗ ਕਰ ਦਿੱਤੀ। ਗੋਲੀ ਲੱਗਣ ਨਾਲ ਗੁਰਜੰਟ ਮੌਕੇ 'ਤੇ ਹੀ ਡਿੱਗ ਪਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮੌਕੇ ਦਾ ਮੁਆਇਨਾ ਕੀਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।