- Updated: October 07, 2026 01:29 PM
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਨਾਜਾਇਜ਼ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹਥਿਆਰਾਂ ਦੇ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗ਼ੈਰ-ਕਾਨੂੰਨੀ ਹਥਿਆਰ ਮੰਗਵਾਉਂਦੇ ਸਨ। ਜਾਂਚ ਦੌਰਾਨ ਇਸ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਨਾਲ ਵੀ ਮੁਲਜ਼ਮਾਂ ਦੇ ਸੰਬੰਧ ਸਾਹਮਣੇ ਆਏ ਹਨ।
ਇਸ ਸਬੰਧੀ ਥਾਣਾ ਕੈਂਟ, ਇਸਲਾਮਾਬਾਦ ਅਤੇ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ 'ਤੇ ਸਖ਼ਤ ਕਾਰਵਾਈ ਕਰਨ ਅਤੇ ਹਥਿਆਰਾਂ ਦੀ ਗ਼ੈਰ-ਕਾਨੂੰਨੀ ਸਪਲਾਈ ਤੇ ਵੰਡ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।