- Updated: October 27, 2026 06:00 PM
ਅੰਮ੍ਰਿਤਸਰ ਦੇ ਥਾਣਾ ਸਦਰ ਅਧੀਨ ਪੈਂਦੇ ਗ੍ਰੀਨ ਫੀਲਡ ਇਲਾਕੇ 'ਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਗੋਲੀ ਲੱਗਣ ਕਾਰਨ 41 ਸਾਲਾ ਔਰਤ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਔਰਤ ਦੇ ਪਤੀ ’ਤੇ ਸ਼ੱਕ ਜਤਾਇਆ ਜਾ ਰਿਹਾ ਹੈ, ਜਦਕਿ ਪੁਲਸ ਵੱਲੋਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ, ਔਰਤ ਨੂੰ ਗੋਲੀ ਲੱਗਣ ਤੋਂ ਬਾਅਦ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਸੀ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਇਲਾਜ ਲਈ ਲੈ ਕੇ ਗਏ, ਪਰ ਡਾਕਟਰਾਂ ਵੱਲੋਂ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਹਰਕਤ ਵਿੱਚ ਆ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਵਿੱਚ ਔਰਤ ਦੇ ਪਤੀ ਦੀ ਭੂਮਿਕਾ ਨੂੰ ਲੈ ਕੇ ਸ਼ੱਕ ਜਤਾਇਆ ਜਾ ਰਿਹਾ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਘਟਨਾ ਤੋਂ ਬਾਅਦ ਪਤੀ ਆਪਣੇ ਪਿਤਾ ਕੋਲ ਪਹੁੰਚਿਆ ਅਤੇ ਉਨ੍ਹਾਂ ਨੂੰ ਪਤਨੀ ਦੀ ਗੰਭੀਰ ਹਾਲਤ ਬਾਰੇ ਦੱਸਿਆ। ਹਾਲਾਂਕਿ, ਗੋਲੀ ਕਿਸ ਨੇ ਚਲਾਈ ਅਤੇ ਘਟਨਾ ਪਿੱਛੇ ਕੀ ਕਾਰਨ ਸਨ, ਇਸ ਬਾਰੇ ਹਾਲੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਅਤੇ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਅਸਲ ਕਾਰਨਾਂ ਅਤੇ ਗੋਲੀ ਚਲਾਉਣ ਵਾਲੇ ਦੀ ਭੂਮਿਕਾ ਬਾਰੇ ਪੁਲਸ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।