ਪੰਜਾਬ ਡੇਅ  ਦਿੱਲੀ ''ਚ ਮਨਾਇਆ ਗਿਆ, ਅਨਮੋਲ ਗਗਨ ਮਾਨ ਨੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ। 

ਪੰਜਾਬ ਡੇਅ  ਦਿੱਲੀ ''ਚ ਮਨਾਇਆ ਗਿਆ, ਅਨਮੋਲ ਗਗਨ ਮਾਨ ਨੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ। 

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਚੱਲ ਰਹੇ 41ਵੇਂ ਭਾਰਤ ਅੰਤਰਰਾਸ਼ਟਰੀ ਵਪਾਰ ਮੇਲਾ-2022 ਵਿਖੇ 'ਪੰਜਾਬ ਡੇਅ' ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਹੋਰ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਨੂੰ ਦੇਸ਼, ਦੁਨੀਆ ਲਈ ਸੈਰ-ਸਪਾਟਾ ਹੱਬ ਵਜੋਂ ਵਿਕਸਿਤ ਕੀਤਾ ਜਾ ਸਕੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਟੂਰਿਜ਼ਮ ਖੇਤਰ ਨੂੰ ਪੂਰੀਆਂ ਸੰਭਾਵਨਾਵਾਂ ਨਾਲ ਉਜਾਗਰ ਕਰਨ ਲਈ ਟੈਕਨਾਲੋਜੀ ਦੀ ਵਿਆਪਕ ਵਰਤੋਂ ਕੀਤੀ ਜਾਵੇਗੀ। ਪੰਜਾਬ 'ਚ ਸੈਰ-ਸਪਾਟੇ ਨੂੰ ਹੋਰ ਵਿਕਸਤ ਕਰਨ ਲਈ ਇਕ ਵਿਸ਼ੇਸ਼ ਐਪ ਤਿਆਰ ਕੀਤੀ ਜਾਵੇਗੀ।

ਪੰਜਾਬ ਦੀਆਂ ਸਾਰੀਆਂ ਇਤਿਹਾਸਕ ਤੇ ਸੱਭਿਆਚਾਰਕ ਇਮਾਰਤਾਂ ਨੂੰ ਹੋਰ ਵਿਕਸਿਤ ਕਰਨ ਅਤੇ ਸੈਲਾਨੀਆਂ ਦੀ ਸਹੂਲਤ ਲਈ ਟੂਰਿਜ਼ਮ ਟ੍ਰਾਂਸਪੋਰਟ ਨੂੰ ਮਜ਼ਬੂਤ ਕੀਤਾ ਜਾਵੇਗਾ। ਭਾਰਤ ਅੰਤਰਰਾਸ਼ਟਰੀ ਵਪਾਰ ਮੇਲੇ ਦੌਰਾਨ ਪੰਜਾਬ ਦੇ ਉਤਪਾਦਾਂ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਪੰਜਾਬ ਦੇ ਉਤਪਾਦਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੰਜੀਦਗੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ 'ਤੇ ਖਰੀ ਉਤਰੇਗੀ। ਇਸ ਉਪਰੰਤ ਮੰਤਰੀ ਵੱਲੋਂ ਪੰਜਾਬ ਪੈਵਿਲੀਅਨ ਵਿੱਚ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀਐੱਸਆਈਈਸੀ, ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਥਾਪਤ ਸਟਾਲਾਂ ਦਾ ਦੌਰਾ ਕੀਤਾ ਗਿਆ। ਪੰਜਾਬ ਡੇਅ ਸਮਾਗਮ ਮੌਕੇ ਨੂਰਾਂ ਸਿਸਟਰਜ਼ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।