- Updated: October 20, 2023 01:50 PM
ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਵਿਧਾਨ ਸਭਾ ਵਿਚ ਮਰਹੂਮ ਸੀਨੀਅਰ ਸਿਆਸਤਦਾਨਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਸ਼ੁਰੂ ਹੋਈ। ਸ਼ਰਧਾਂਜਲੀ ਭੇਟ ਕਰਨ ਅਤੇ ਮੌਨ ਧਾਰਨ ਕਰਨ ਤੋਂ ਬਾਅਦ ਮੁਲਤਵੀ ਸੈਸ਼ਨ ਸ਼ੁਰੂ ਹੋ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੈਸ਼ਨ ਦੀ ਵੈਧਤਾ 'ਤੇ ਸਵਾਲ ਚੁੱਕੇ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਪਹਿਲਾਂ ਇਹ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਇਹ ਸੈਸ਼ਨ ਜਾਇਜ਼ ਹੈ ਜਾਂ ਨਹੀਂ। ਜਦੋਂ ਵਿਰੋਧੀ ਧਿਰ ਦੇ ਆਗੂ ਪੰਜਾਬ ਦੇ ਮੁੱਦੇ ਉਠਾਉਂਦੇ ਹਨ ਤਾਂ ਕਿਹਾ ਜਾਂਦਾ ਹੈ ਕਿ ਵਿਰੋਧੀ ਧਿਰ ਸੈਸ਼ਨ ਵਿਚ ਹਾਜ਼ਰ ਨਹੀਂ ਹੋਈ। ਜਦੋਂ ਸੈਸ਼ਨ ਜਾਇਜ਼ ਨਹੀਂ ਹੈ ਤਾਂ ਅਟੈਂਡ ਕਿਉਂ ਕੀਤਾ ਜਾਵੇ? ਜਿਸ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਸਪੀਕਰ ਹੋਣ ਦੇ ਨਾਤੇ ਉਹ ਸੈਸ਼ਨ ਨੂੰ ਜਾਇਜ਼ ਠਹਿਰਾ ਰਹੇ ਹਨ। ਉਹਨਾਂ ਨੂੰ ਰਾਜਪਾਲ ਦਾ ਕੋਈ ਵੀ ਪੱਤਰ ਨਹੀਂ ਮਿਲਿਆ।
ਇਸ ਦੇ ਨਾਲ ਹੀ ਸਿਫਰ ਕਾਲ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਪੱਛਮੀ ਦੇ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਤੋਂ 'ਆਪ' ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਰਿਸ਼ਤੇਦਾਰਾਂ ਦੇ ਡਰੱਗਜ਼ ਮਾਮਲੇ 'ਚ ਸ਼ਾਮਲ ਹੋਣ ਦਾ ਦੋਸ਼ ਲਾਉਣ ਦਾ ਮੁੱਦਾ ਸਦਨ 'ਚ ਉਠਾਇਆ। ਇਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਿੱਲੀ ਪੱਤਰ ਲਿਖਿਆ ਸੀ, ਚਿੱਠੀ ਵਿਚ ਨਸ਼ਾ ਤਸਕਰੀ ਦਾ ਮੁੱਦਾ ਉਠਾਇਆ ਗਿਆ ਸੀ।
ਇਸ ਦੇ ਨਾਲ ਹੀ 'ਆਪ' ਮੰਤਰੀ ਹਰਪਾਲ ਚੀਮਾ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਗਰਮਾ-ਗਰਮ ਬਹਿਸ ਸ਼ੁਰੂ ਹੋ ਗਈ ਹੈ। ਚੀਮਾ ਨੇ ਦੋਸ਼ ਲਾਇਆ ਕਿ ਐਸਵਾਈਐਲ ਕਾਂਗਰਸ ਦੇ ਸਮੇਂ ਬਣੀ ਸੀ, ਅਕਾਲੀ ਦਲ ਦੇ ਸਮੇਂ ਪੰਜਾਬ ਨੂੰ ਲੁੱਟਿਆ ਗਿਆ ਸੀ, ਇਸ ਲਈ ਵਿਰੋਧੀ ਪਾਰਟੀਆਂ ਸਦਨ ਦਾ ਮਾਹੌਲ ਖ਼ਰਾਬ ਕਰ ਰਹੀਆਂ ਹਨ। ਰੌਲੇ-ਰੱਪੇ ਦਰਮਿਆਨ ਸਪੀਕਰ ਵੱਲੋਂ ਸੈਸ਼ਨ ਸ਼ੁਰੂ ਕਰ ਦਿੱਤਾ ਗਿਆ।ਹਰਪਾਲ ਚੀਮਾ ਨੇ ਸਵਾਲ ਕੀਤਾ ਕਿ ਕਾਂਗਰਸ ਐੱਸਵਾਈਐੱਲ 'ਤੇ ਬਹਿਸ ਕਰਨਾ ਚਾਹੁੰਦੀ ਹੈ ਜਾਂ ਨਹੀਂ ਜਾਂ ਫਿਰ ਉਹ ਭਾਜਪਾ ਵੱਲ ਖੜ੍ਹੇ ਹਨ। ਇਸ ਦੌਰਾਨ ਵਿਰੋਧੀਆਂ ਅਤੇ ਹਰਪਾਲ ਚੀਮਾ ਦੀ ਕਾਫ਼ੀ ਤਿੱਖੀ ਬਹਿਸ ਹੋਈ ਤੇ ਕਾਂਗਰਸ ਲਗਾਤਾਰ ਨਾਅਰੇਬਾਜ਼ੀ ਕਰਦੀ ਰਹੀ।