- Updated: October 17, 2026 06:15 PM
ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਸੰਗਰੂਰ ਵਿਖੇ ਹੋਈ ਮੀਟਿੰਗ ਦੌਰਾਨ ਹੋਈ ਵਿਚਾਰ-ਚਰਚਾ, ਪਾਸ ਕੀਤੇ ਗਏ ਮਤਿਆਂ ਅਤੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਉਲੀਕੀ ਗਈ ਰਣਨੀਤੀ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਲਈ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਸੂਬਾਈ ਕਾਰਜਕਾਰਨੀ ਦੇ ਫੈਸਲਿਆਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਦਾ ਕਾਰਜ ਅੱਜ ਤੋਂ ਹੀ ਸ਼ੁਰੂ ਹੋ ਗਿਆ ਹੈ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਭਾਜਪਾ ਨੇ ਸੂਬੇ ਨਾਲ ਜੁੜੇ ਮੁੱਖ ਮੁੱਦਿਆਂ ਵਿਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧ ਨੂੰ ਪ੍ਰਮੁੱਖਤਾ ਨਾਲ ਉਠਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਅਨੁਸਾਰ ਇਨ੍ਹਾਂ ਮੁੱਦਿਆਂ ਨੂੰ ਕੇਂਦਰ ਵਿਚ ਰੱਖਦਿਆਂ ਪਾਰਟੀ ਵੱਲੋਂ ਲੋਕਾਂ ਨਾਲ ਸੰਪਰਕ ਵਧਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸੂਬੇ ਦੇ ਭਵਿੱਖ ਨਾਲ ਸਬੰਧਤ ਆਪਣੇ ਵਿਚਾਰਾਂ ਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀਆਂ ਚਲਾਈਆਂ ਜਾਣਗੀਆਂ।
ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਅਨਿਲ ਸਰੀਨ ਨੇ ਦੱਸਿਆ ਕਿ ਅੱਜ ਤੋਂ (17 ਅਕਤੂਬਰ) ਤੋਂ 19 ਅਕਤੂਬਰ ਤੱਕ ਭਾਜਪਾ ਦੇ 36 ਜਥੇਬੰਦਕ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਬੈਠਕਾਂ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਬਾਅਦ 22, 23 ਅਤੇ 24 ਅਕਤੂਬਰ ਨੂੰ ਮੰਡਲ ਪੱਧਰ ਦੀਆਂ ਬੈਠਕਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਬੈਠਕਾਂ ਦਾ ਮੁੱਖ ਉਦੇਸ਼ ਸੂਬਾ ਕਾਰਜਕਾਰਨੀ ਵਿਚ ਹੋਈ ਵਿਚਾਰ-ਚਰਚਾ, ਪਾਸ ਕੀਤੇ ਮਤਿਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੀ ਗਈ ਰਣਨੀਤੀ ਬਾਰੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਜਾਣੂ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਪੱਧਰ ’ਤੇ ਤੈਅ ਕੀਤੇ ਗਏ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਿਲ੍ਹਾ, ਮੰਡਲ ਅਤੇ ਬੂਥ ਪੱਧਰ ਤੱਕ ਪਹੁੰਚਾਉਣ ਲਈ ਸੰਗਠਨ ਨੂੰ ਸਰਗਰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਬੈਠਕਾਂ ਰਾਹੀਂ ਵਰਕਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਲੋੜੀਂਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।