ਭਾਰਤੀ ਵਿਦਿਆਰਥੀਆਂ ਤੇ ਹੋਰਨਾਂ ਲੋਕਾਂ ’ਤੇ ਅਮਰੀਕਾ ’ਚ ਹੋ ਰਹੇ ਹਮਲੇ ਅੰਤਰਰਾਸ਼ਟਰੀ ਸਾਜ਼ਿਸ਼ ਦਾ ਹਿੱਸਾ

 ਭਾਰਤੀ ਵਿਦਿਆਰਥੀਆਂ ਤੇ ਹੋਰਨਾਂ ਲੋਕਾਂ ’ਤੇ ਅਮਰੀਕਾ ’ਚ ਹੋ ਰਹੇ ਹਮਲੇ ਅੰਤਰਰਾਸ਼ਟਰੀ ਸਾਜ਼ਿਸ਼ ਦਾ ਹਿੱਸਾ

ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਅਤੇ ਹੋਰਨਾਂ ਲੋਕਾਂ ’ਤੇ ਪਿਛਲੇ ਕੁਝ ਸਮੇਂ ਦੌਰਾਨ ਹੋ ਰਹੇ ਹਮਲੇ ਅੰਤਰਰਾਸ਼ਟਰੀ ਸਾਜ਼ਿਸ਼ ਦਾ ਹਿੱਸਾ ਹਨ, ਜੋ ਭਾਰਤ ਅਤੇ ਅਮਰੀਕਾ ਦੇ ਸੰਬੰਧਾਂ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ। ਇੰਡੋ-ਅਮਰੀਕਨ ਫ੍ਰੈਂਡਸ ਗਰੁੱਪ ਦੇ ਚੇਅਰਮੈਨ ਰਮਨ ਦੱਤ ਨੇ ਇਸ ਸਬੰਧ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਭੇਜੀ ਹੈ, ਜਿਸ ’ਚ ਉਨ੍ਹਾਂ ਨੇ ਅਮਰੀਕਾ ’ਚ ਭਾਰਤੀ ਲੋਕਾਂ ’ਤੇ ਹੋ ਰਹੇ ਹਮਲਿਆਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਆਪਣੀ ਚਿੱਠੀ ਦੀ ਇਕ ਕਾਪੀ ਭਾਰਤ ’ਚ ਅਮਰੀਕੀ ਦੂਤਾਵਾਸ ਨੂੰ ਵੀ ਭੇਜੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਅਮਰੀਕਾ ’ਚ ਇਨ੍ਹਾਂ ਹਮਲਿਆਂ ਦੌਰਾਨ ਕੁਝ ਭਾਰਤੀ ਵਿਦਿਆਰਥੀਆਂ ਦੀ ਮੌਤ ਵੀ ਹੋਈ ਸੀ ਅਤੇ ਕੁਝ ਜ਼ਖ਼ਮੀ ਵੀ ਹੋਏ ਸਨ, ਇਸ ਲਈ ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਇਸਦੀ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕੇਂਦਰੀ ਵਿਦੇਸ਼ ਮੰਤਰਾਲਾ ਤੋਂ ਵੀ ਮੰਗ ਕੀਤੀ ਕਿ ਉਹ ਇਸ ਮਾਮਲੇ ’ਚ ਦਖ਼ਲ ਦੇਵੇ ਅਤੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਅਮਰੀਕਾ ’ਚ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਵਿਦਿਆਰਥੀਆਂ ’ਤੇ ਹਮਲੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਚ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ ਅਤੇ ਅਮਰੀਕੀ ਅਧਿਕਾਰੀਆਂ ਨੂੰ ਵੀ ਉਥੇ ਪੜ੍ਹਾਈ ਲਈ ਗਏ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਅਮਰੀਕਾ ਦੇ ਰਾਸ਼ਟਰਪਤੀ ਨੂੰ ਵੀ ਅਪੀਲ ਕੀਤੀ ਕਿ ਉਹ ਨਿੱਜੀ ਤੌਰ ’ਤੇ ਇਸ ਮਾਮਲੇ ਨੂੰ ਦੇਖਣ ਤਾਂ ਕਿ ਭਾਰਤੀ ਲੋਕਾਂ ਅੰਦਰ ਪਾਈ ਜਾ ਰਹੀ ਡਰ ਦੀ ਭਾਵਨਾ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਸਲ ’ਚ ਇਹ ਹਮਲੇ ਇਸ ਲਈ ਕਰਵਾਏ ਜਾ ਰਹੇ ਹਨ ਤਾਂ ਕਿ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਨੂੰ ਖ਼ਰਾਬ ਕੀਤਾ ਜਾ ਸਕੇ, ਜਦੋਂ ਕਿ ਅਸਲੀਅਤ ਇਹ ਹੈ ਕਿ ਦੋਵੇਂ ਦੇਸ਼ ਇਕ-ਦੂਜੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇੰਡੋ-ਅਮਰੀਕਨ ਫ੍ਰੈਂਡਸ ਗਰੁੱਪ ਵੱਲੋਂ ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਚਾਹੀਦਾ ਹੈ ਕਿ ਉਹ ਅਮਰੀਕਾ ’ਚ ਸਬੰਧਤ ਧਿਰ ਅੱਗੇ ਇਸ ਮਾਮਲੇ ਨੂੰ ਉਠਾਉਣ ਅਤੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।