- Updated: September 03, 2023 03:04 PM
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਪਾਰਟੀ ਵਰਕਰਾਂ ਅਤੇ ਲੋਕਾਂ ਦੇ ਇੱਕ ਸਮੂਹ ਵਿੱਚ ਝੜਪ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਗਰੁੱਪ ਬਾਦਲ ਦੇ ਕਾਫਲੇ ਨੂੰ ਕਿਉਂ ਰੋਕਣਾ ਚਾਹੁੰਦਾ ਸੀ। ਪੁਲਿਸ ਨੇ ਦੱਸਿਆ ਕਿ 'ਜ਼ੈੱਡ ਪਲੱਸ' ਸੁਰੱਖਿਆ ਵਾਲੇ ਬਾਦਲ ਪਿੰਡ ਦੀਪ ਸਿੰਘ ਵਾਲਾ ਵਿਖੇ ਸਰਪੰਚ ਦੇ ਰਿਸ਼ਤੇਦਾਰ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਗਏ ਸਨ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਜਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਾਫ਼ਲਾ ਪਿੰਡ ਤੋਂ ਰਵਾਨਾ ਹੋ ਰਿਹਾ ਸੀ ਤਾਂ 'ਭਾਰਤ ਨੌਜਵਾਨ ਸਭਾ' ਨਾਮੀ ਜਥੇਬੰਦੀ ਨਾਲ ਵਫ਼ਾਦਾਰੀ ਰੱਖਣ ਵਾਲੇ ਕੁਝ ਪਿੰਡ ਵਾਸੀਆਂ ਨੇ ਉਸ ਦੇ ਸਾਹਮਣੇ ਆਉਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਦੱਸਿਆ ਕਿ ਅਕਾਲੀ ਵਰਕਰਾਂ ਨੇ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਮਿਲੀ ਹੈ।
ਭਾਰਤੀ ਨੌਜਵਾਨ ਸਭਾ ਦੇ ਆਗੂ ਨੌਨਿਹਾਲ ਸਿੰਘ ਨੇ ਦੱਸਿਆ ਕਿ ਸੁਖਬੀਰ ਬਾਦਲ ਦਾ ਪਿੰਡ ਦੀਪ ਸਿੰਘ ਵਾਲਾ ਵਿੱਚ ਪ੍ਰੋਗਰਾਮ ਸੀ। ਜਿਸ ਦਾ 'ਭਾਰਤ ਨੌਜਵਾਨ ਸਭਾ' ਦੇ ਮੈਂਬਰਾਂ ਵੱਲੋਂ ਉਨ੍ਹਾਂ ਦੇ ਕਾਫਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨੌਨਿਹਾਲ ਸਿੰਘ ਨੇ ਦੋਸ਼ ਲਾਇਆ ਹੈ ਕਿ ਕਾਫਲੇ ਦੀਆਂ ਗੱਡੀਆਂ ਨੂੰ ਉਸ ਉਪਰ ਜ਼ਬਰਦਸਤੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ‘ਭਾਰਤ ਨੌਜਵਾਨ ਸਭਾ’ ਦੇ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ। ਇਸ ਝੜਪ ਦੌਰਾਨ ਦੋ ਵਿਅਕਤੀ ਜ਼ਖ਼ਮੀ ਵੀ ਹੋ ਗਏ। ਜਿਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਫਰੀਦਕੋਟ ਅਦਾਲਤ ‘ਚ ਪੇਸ਼ ਹੋਏ ਸਨ। ਇਸ ਦੌਰਾਨ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਅਦਾਲਤ ਵਿੱਚ ਪੇਸ਼ ਹੋਏ। ਬਾਕੀ ਮੁਲਜ਼ਮਾਂ ਦੀ ਹਾਜ਼ਰੀ ਮੁਆਫ਼ ਕਰ ਦਿੱਤੀ ਗਈ ਹੈ। ਇਸੇ ਮਾਮਲੇ ਦੀ ਅਗਲੀ ਸੁਣਵਾਈ ਹੁਣ 16 ਸਤੰਬਰ ਨੂੰ ਹੋਣੀ ਹੈ। ਇਸ ਦੌਰਾਨ ਬਾਦਲ ਨੇ ਕਿਹਾ ਕਿ ਸਰਕਾਰ ਨੇ ਪੂਰੀ ਯੋਜਨਾਬੰਦੀ ਨਾਲ ਉਨ੍ਹਾਂ ਨੂੰ ਫਸਾਇਆ ਹੈ। ਪਰ ਉਸ ਨੂੰ ਭਰੋਸਾ ਹੈ ਕਿ ਉਸ ਨੂੰ ਇਨਸਾਫ਼ ਮਿਲੇਗਾ ਅਤੇ ਸਾਰੀ ਸੱਚਾਈ ਸਾਰਿਆਂ ਦੇ ਸਾਹਮਣੇ ਆ ਜਾਵੇਗੀ।