ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਖ਼ਿਲਾਫ਼ ਖੋਲ੍ਹਿਆ ਮੋਰਚਾ, ਅਸਤੀਫ਼ੇ ਦੀ ਕੀਤੀ ਮੰਗ

ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਖ਼ਿਲਾਫ਼ ਖੋਲ੍ਹਿਆ ਮੋਰਚਾ, ਅਸਤੀਫ਼ੇ ਦੀ ਕੀਤੀ ਮੰਗ

ਅਕਾਲੀ ਦਲ ਵਿਚ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਵੱਡੀ ਬਗਾਵਤ ਉਠ ਖੜੀ ਹੋਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਿਚ ਵਾਪਸੀ ਕਰਨ ਵਾਲੀ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਥੋਂ ਤਕ ਬੀਬੀ ਨੇ ਸੁਖਬੀਰ ਬਾਦਲ ਤੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਜਲੰਧਰ ਵਿਚ ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਦੇ ਸਾਰੇ ਵਰਕਰਾਂ ਦੀ ਮੰਗ ਹੈ ਕਿ ਸੁਖਬੀਰ ਬਾਦਲ ਨੂੰ ਹੁਣ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। 

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਲਗਾਤਾਰ ਅਕਾਲੀ ਦਲ ਤੋਂ ਦੂਰ ਹੁੰਦੀ ਜਾ ਰਹੀ ਹੈ। ਪਿਛਲੇ ਸਮੇਂ ਦੌਰਾਨ ਅਕਾਲੀ ਦਲ ਤੋਂ ਵੱਡੀਆਂ ਗਲਤੀਆਂ ਹੋਈਆਂ, ਜਿਸ ਦੇ ਚਲਦੇ ਲੋਕ ਸਾਡੇ ਤੋਂ ਦੂਰ ਹੋਏ ਹਨ। ਇਸ ਲਈ ਹੁਣ ਅਸੀਂ ਪਿੰਡ ਪਿੰਡ ਨਗਰ ਨਗਰ ਜਾ ਕੇ ਉਨ੍ਹਾਂ ਲੋਕਾਂ ਨੂੰ ਨਾਲ ਜੋੜਨ ਲਈ ਮੁਹਿੰਮ ਵਿੱਢਾਂਗੇ।

ਲੋਕ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਸਿਖਰ 'ਤੇ ਪਹੁੰਚ ਗਿਆ ਹੈ। ਇਕ ਪਾਸੇ ਜਿੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਮੀਟਿੰਗ ਕੀਤੀ, ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਬਾਗੀ ਧੜੇ ਨੇ ਵੀ ਜਲੰਧਰ ਵਿਚ ਹੰਗਾਮੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨੀ ਤੋਂ ਅਸਤੀਫਾ ਦੇਣ ਲਈ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਬਾਗੀ ਧੜੇ ਦੀ ਮੀਟਿੰਗ ਵਿਚ ਪ੍ਰੋ. ਪ੍ਰੇਮ ਸਿਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁੱਚਾ ਸਿੰਘ ਛੋਟੇਪੁਰ ਤੋਂ ਇਲਾਵਾ ਕਈ ਵੱਡੇ ਲੀਡਰ ਮੌਜੂਦ ਰਹੇ। ਵਿਰੋਧੀ ਧੜੇ ਨੇ ਕਿਹਾ ਕਿ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਚੋਣਾਂ ਹਾਰਦਾ ਆ ਰਿਹਾ ਹੈ, ਪਾਰਟੀ ਦੇ ਹਾਲਾਤ ਬੇਹੱਦ ਖ਼ਰਾਬ ਹੋ ਚੁੱਕੇ ਹਨ, ਲਿਹਾਜ਼ਾ ਹੁਣ ਪਾਰਟੀ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।