- Updated: November 06, 2026 03:35 PM
ਆਉਣ ਵਾਲੇ ਦਿਨਾਂ 'ਚ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਦਰਅਸਲ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ 'ਚ ਵਾਪਸੀ ਦੇ ਸੰਕੇਤ ਦਿੱਤੇ ਹਨ ਅਤੇ ਉਨ੍ਹਾਂ ਅਕਾਲੀ ਦਲ-ਭਾਜਪਾ ਗਠਜੋੜ ਦੀ ਜ਼ੋਰਦਾਰ ਵਕਾਲਤ ਵੀ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਕ ਸੋਸ਼ਲ ਮੀਡੀਆ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਪੁਨਰ ਸੁਰਜੀਤ ਅਕਾਲੀ ਦਲ ਜਿਸ ਮਕਸਦ ਨੂੰ ਲੈ ਕੇ ਸ਼ੁਰੂ ਕੀਤਾ ਸੀ, ਉਸ ਮਿਸ਼ਨ ਨੂੰ ਅਸੀਂ ਪੂਰਾ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਅੱਜ ਸਾਰੇ ਮਹਿਸੂਸ ਕਰਦੇ ਹਨ ਕਿ ਸਾਡੀ ਮਾਂ ਪਾਰਟੀ 106 ਸਾਲ ਪੁਰਾਣੀ ਪਾਰਟੀ ਹੈ, ਜਿਸ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਅਸੀਂ ਪੁਨਰ ਸੁਰਜੀਤ ਅਕਾਲੀ ਦਲ ਨੂੰ ਰਜਿਸਟਰਡ ਹੀ ਨਹੀਂ ਕਰਵਾ ਸਕੇ। ਇਸ ਦੌਰਾਨ ਕਈ ਸਵਾਲਾਂ ਦੇ ਜਵਾਬ ਦਿੰਦੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪ ਕਦੇ ਅਕਾਲੀ ਦਲ ਨਹੀਂ ਛੱਡਿਆ ਅਤੇ ਜਦੋਂ ਉਹ ਸੁਖਬੀਰ ਸਿੰਘ ਬਾਦਲ ਨਾਲ ਬੈਠ ਕੇ ਸੰਵਾਦ ਕਰਨਗੇ ਤਾਂ ਸੰਭਵ ਹੈ ਕਿ ਮਤਭੇਦ ਦੂਰ ਹੋ ਜਾਣ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਡਾ ਮਕਸਦ ਇਸ ਵੇਲੇ ਆਪਣੀ ਮਾਂ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ। ਜੇਕਰ ਅਸੀਂ ਦੂਰੀਆਂ ਬਣਾ ਕੇ ਬੈਠ ਗਏ ਤਾਂ ਹੋ ਸਕਦਾ ਹੈ ਮਤਭੇਦ ਦੂਰ ਨਾ ਹੋ ਸਕਣ। ਉਥੇ ਹੀ ਉਨ੍ਹਾਂ ਭਾਜਪਾ ਨਾਲ ਗਠਜੋੜ ਦੀ ਬਾਰੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ 6-7 ਅਫ਼ਸਰਾਂ ਦੀ ਡਿਊਟੀ ਵੱਖ-ਵੱਖ ਸਕੀਮਾਂ ਤਹਿਤ ਕੇਂਦਰ ਤੋਂ ਫੰਡ ਲਿਆਉਣ ਵਾਸਤੇ ਲਗਾ ਕੇ ਰੱਖਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਗਠਜੋੜ ਹੋਵੇਗਾ ਤਾਂ ਸਰਕਾਰ ਮਜ਼ਬੂਤੀ ਨਾਲ ਬਣ ਸਕਦੀ ਹੈ।