- Updated: June 24, 2024 06:29 PM
ਨਸ਼ੇ ਖ਼ਿਲਾਫ ਭਗਵੰਤ ਮਾਨ ਸਰਕਾਰ ਨੇ ਸਖ਼ਤ ਫੈਸਲਾ ਲੈਂਦਿਆਂ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸੰਬੰਧੀ ਸਰਕਾਰ ਵਲੋਂ ਬਕਾਇਦਾ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗ ਹਨ। ਜਿਸ ਵਿਚ ਸੂਬੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਗਿਆ ਹੈ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਨਸ਼ੇ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਉਨ੍ਹਾਂ ਨੂੰ ਵਿੱਤੀ ਢਾਹ ਲਗਾਈ ਜਾਵੇ। ਇਸ ਲਈ ਆਪ ਸਭ ਨੂੰ ਹੁਕਮ ਦਿੱਤਾ ਜਾਂਦਾ ਹੈ ਕਿ ਜਦੋਂ ਕਦੇ ਵੀ ਕਿਸੇ ਕਮਿਨਸ਼ਨਰ ਪੁਲਸ/ਐੱਸ.ਐੱਸ. ਪੀ./ਪੁਲਸ ਅਧਿਕਾਰੀ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਕਿਸੇ ਮੁਲਜ਼ਮ ਦੀ ਜਾਇਦਾਦ ਅਟੈਚ ਕਰਨ ਦੇ ਮੰਤਵ ਲਈ ਉਸ ਦੀ ਜਾਇਦਾਦ ਸੰਬੰਧੀ ਸੂਚਨਾ ਮੰਗੀ ਜਾਂਦੀ ਹੈ ਤਾਂ ਉਹ ਸੂਚਨਾ ਤੁਰੰਤ ਸੰਬੰਧਤ ਪੁਲਸ ਅਧਿਕਾਰੀ ਨੂੰ ਦਿੱਤੀ ਜਾਵੇ।

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਰ ਦੇ ਵੱਡੇ ਪੁਲਸ ਅਫਸਰਾਂ ਨਾਲ ਮੁਲਾਕਾਤ ਕਰਕੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਨੇ ਆਖਿਆ ਸੀ ਕਿ ਕਿਸੇ ਵੀ ਤਰ੍ਹਾਂ ਦੇ ਨਸ਼ਾ ਕਾਰੋਬਾਰ ਕਰਨ ਵਾਲੇ ਨੂੰ ਬਖਸ਼ਿਆ ਨਾ ਜਾਵੇ। ਇਸ ਸੰਬੰਧੀ ਸਰਕਾਰ ਵਲੋਂ ਜਨਤਾ ਕੋਲੋਂ ਵੀ ਸਹਿਯੋਗ ਮੰਗਿਆ ਗਿਆ ਸੀ, ਅਤੇ ਆਖਿਆ ਗਿਆ ਸੀ ਕਿ ਜੇਕਰ ਕੋਈ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਦਿੰਦਾ ਹੈ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।