- Updated: April 01, 2024 09:17 PM
ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਭਾਜਪਾ ਨੇ ਵੀ ਪੰਜਾਬ 'ਚ ਆਪਣੇ 6 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਸੀ, ਜਿਸ 'ਚ ਕੁਝ ਦਿਨ ਪਹਿਲਾਂ ਹੀ ਪਾਰਟੀ 'ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਅਤੇ ਰਵਨੀਤ ਬਿੱਟੂ ਦਾ ਨਾਂ ਸ਼ਾਮਲ ਸੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਦੌਰਾਨ ਪਾਰਟੀ ਦੀ ਮੀਟਿੰਗ ਦੌਰਾਨ ਉਮੀਦਵਾਰਾਂ ਦੇ ਨਾਂਵਾਂ 'ਤੇ ਚਰਚਾ ਕੀਤੀ ਗਈ, ਜਿਸ 'ਚ ਪਾਰਟੀ ਦੇ ਮੁੱਖ ਆਗੂ ਅਤੇ ਸਿਆਸਤਦਾਨ ਮੌਜੂਦ ਹੋਏ।
ਇਸ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰਾਂ ਦੇ ਨਾਂ ਕੁਝ ਵਿਚਾਰ-ਚਰਚਾ ਤੋਂ ਬਾਅਦ ਐਲਾਨ ਦਿੱਤੇ ਜਾਣਗੇ। ਇਸ ਤੋਂ ਬਾਅਦ ਜਦੋਂ ਉਨ੍ਹਾਂ ਤੋਂ ਚੋਣ ਲੜਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜਨਗੇ।