- Updated: October 05, 2024 07:19 PM
ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਸਪੈਸ਼ਲ ਚੀਫ ਸਕੱਤਰ ਨਾਲ ਅਹਿਮ ਮੀਟਿੰਗ ਕੀਤੀ ਗਈ। ਲਗਭਗ ਚਾਰ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਨਾਲ ਉਨ੍ਹਾਂ ਦੀ ਲੰਮੀ ਚੌੜੀ ਡਿਸਕਸ ਹੋਈ ਹੈ, ਜਿਸ ਵਿਚ ਕਿਸਾਨਾਂ ਨੇ ਆਪਣਾ ਪੱਖ ਰੱਖਿਆ ਜੋ ਉਨ੍ਹਾਂ ਨੇ ਸੁਣਿਆ ਅਤੇ ਮੰਨਿਆ ਹੈ।
ਪੰਧੇਰ ਨੇ ਕਿਹਾ ਕਿ ਸਰਕਾਰ ਨੇ ਪੰਚਾਇਤੀ ਚੋਣਾਂ ਤੋਂ ਬਾਅਦ ਕਿਸਾਨਾਂ ਲਈ ਪਾਲਿਸੀ ਤਿਆਰ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਮੋਰਚੇ ਲਗਾਉਣੇ ਪੈਂਦੇ ਹਨ। ਇਸ 'ਤੇ ਅਸੀਂ ਮੰਗ ਕੀਤੀ ਕਿ ਪੰਜਾਬ ਸਰਕਾਰ ਕੋਈ ਪਾਲਿਸੀ ਲੈ ਕੇ ਆਵੇ, ਜਿਸ ਵਿਚ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਰੁਲਣਾ ਨਾ ਪਵੇ। ਇਸ 'ਤੇ ਪੰਜਾਬ ਸਰਕਾਰ ਨੇ ਭਰੋਸਾ ਦਿਵਾਇਆ ਕਿ ਪੰਚਾਇਤੀ ਚੋਣਾਂ ਤੋਂ ਬਾਅਦ ਇਸ 'ਤੇ ਪਾਲਿਸੀ ਲਿਆਂਦੀ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਇਹ ਵੀ ਕਿਹਾ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਕਿਸੇ ਵੀ ਕਿਸਾਨ ਨੂੰ ਖੱਜਲ ਨਹੀਂ ਹੋਣ ਦਿੱਤਾ ਜਾਵੇਗਾ। ਝੋਨੇ ਦੀ ਖਰੀਦ ਨਿਰੰਤਰ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਕਿਤੇ ਖਰੀਦ ਵਿਚ ਕੋਈ ਅੜਿੱਕਾ ਪੈਂਦਾ ਹੈ ਤਾਂ ਉਹ ਅੰਦੋਲਨ ਕਰਨਗੇ।