- Updated: June 15, 2023 02:58 PM
ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਲਿਆ ਹੈ, ਦੱਸਿਆ ਜਾ ਰਿਹਾ ਹੈ ਕਿ ਫ਼ਿਲਹਾਲ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ। ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ 'ਤੇ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਹ ਟਾਸਕ ਫੋਰਸ ਹਰ ਮਾਮਲੇ ਦੀ ਜਾਂਚ ਕਰੇਗੀ। ਸਰਕਾਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਇਸ ਟੈਸਟ ਵਿਚ ਸਹੀ ਪਾਏ ਜਾਣਗੇ, ਉਨ੍ਹਾਂ ਨੂੰ ਕੁਝ ਸਾਲਾਂ ਲਈ ਕੈਨੇਡਾ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਇਹ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਪਾਏ ਜਾਣਗੇ, ਉਨ੍ਹਾਂ ਨੂੰ ਕੈਨੇਡਾ ਸਰਕਾਰ ਵੱਲੋਂ ਇੱਥੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਗੈਰ-ਕਾਨੂੰਨੀ ਢੰਗ ਨਾਲ ਆਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕੈਨੇਡੀਅਨ ਇਮੀਗਰੇਸ਼ਨ ਮੰਤਰੀ ਸ਼ਾਨ ਫਰੇਜ਼ਰ ਨੇ ਡਿਪੋਰਟ ਕੀਤੇ ਜਾ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਬਾਰੇ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਜਿਹੜੇ ਵਿਦਿਆਰਥੀ ਪੜ੍ਹਾਈ ਕਰਨ ਦੇ ਮਨਸ਼ੇ ਨਾਲ ਆਏ ਸਨ, ਉਹ ਡਿਪੋਰਟ ਨਹੀਂ ਕੀਤੇ ਜਾਣਗੇ। ਉਨ੍ਹਾਂ ਨੂੰ ਆਰਜ਼ੀ ਰਿਹਾਇਸ਼ੀ ਪਰਮਿਟ ਦਿੱਤੇ ਜਾਣਗੇ। ਡਿਪੋਰਟ ਉਹੀ ਕੀਤੇ ਜਾਣਗੇ, ਜਿਨ੍ਹਾਂ ਦੀ ਕੈਨੇਡਾ ਆਉਣ ਦੀ ਮਨਸ਼ਾ ਪੜ੍ਹਾਈ ਕਰਨਾ ਨਹੀਂ ਸੀ।