- Updated: September 25, 2023 05:15 PM
ਫ਼ਿਰੋਜ਼ਪੁਰ ਜ਼ਿਲ੍ਹੇ ਦੇ ਗੈਂਗਸਟਰ ਲਖਬੀਰ ਲੰਡਾ ਦੇ ਗੁਰਗੇ ਲਗਾਤਾਰ ਲੋਕਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਤੋਂ ਫਿਰੌਤੀ ਮੰਗ ਰਹੇ ਹਨ ਅਤੇ ਫਿਰੌਤੀ ਨਾ ਦੇਣ ’ਤੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਫ਼ਿਰੋਜ਼ਪੁਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਲੰਡਾ ਦੇ ਕਈ ਗੁਰਗੇ ਕੰਮ ਕਰ ਰਹੇ ਹਨ, ਜਿਸ ਦੇ ਮੱਦੇਨਜ਼ਰ ਐੱਸ. ਐੱਸ. ਪੀ ਫ਼ਿਰੋਜ਼ਪੁਰ ਦੀਪਕ ਹਿਲੋਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਪੁਲਸ ਵੱਲੋਂ ਅਜਿਹੇ ਸ਼ੱਕੀ ਵਿਅਕਤੀਆਂ ਦੇ ਠਿਕਾਣਿਆਂ ਦੇ ਲਗਭਗ 48 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫ਼ਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਇਕ ਦੁਕਾਨਦਾਰ ਨੂੰ ਲਖਬੀਰ ਸਿੰਘ ਲੰਡਾ ਦੇ ਨਾਂ ’ਤੇ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਦੀ ਧਮਕੀ ਆਈ ਸੀ, ਜਿਸ ਤੋਂ ਬਾਅਦ ਉਸ ਉਪਰ ਦੁਕਾਨ ’ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ ਸਨ। ਇਸ ਹਮਲੇ ਵਿਚ ਦੁਕਾਨਦਾਰ ਦਾ ਵਾਲ-ਵਾਲ ਬਚਾ ਹੋ ਗਿਆ ਸੀ।
ਇਸ ਸਬੰਧੀ ਸੰਪਰਕ ਕਰਨ ’ਤੇ ਐੱਸ.ਪੀ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਅੱਜ ਗੈਂਗਸਟਰ ਲੰਡਾ ਨਾਲ ਸਬੰਧ ਰੱਖਣ ਵਾਲੇ ਸ਼ੱਕੀ ਵਿਅਕਤੀਆਂ ਦੇ 48 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਇਹ ਕਾਰਵਾਈ ਅਜੇ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ।