ਮੰਤਰੀ ਹਰਭਜਨ ਸਿੰਘ ਖ਼ਿਲਾਫ਼ ਭਾਜਪਾ ਆਗੂ ਤਰੁਣ ਚੁੱਘ ਨੇ ਮੁੱਖ ਚੋਣ ਕਮਿਸ਼ਨਰ ਤੇ ਰਾਜਪਾਲ ਨੂੰ ਲਿਖਿਆ ਪੱਤਰ .

 ਮੰਤਰੀ ਹਰਭਜਨ ਸਿੰਘ ਖ਼ਿਲਾਫ਼ ਭਾਜਪਾ ਆਗੂ ਤਰੁਣ ਚੁੱਘ ਨੇ ਮੁੱਖ ਚੋਣ ਕਮਿਸ਼ਨਰ ਤੇ ਰਾਜਪਾਲ ਨੂੰ ਲਿਖਿਆ ਪੱਤਰ .

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਸਮੇਤ ਹੋਰ ‘ਆਪ’ ਆਗੂਆਂ ਖ਼ਿਲਾਫ਼ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਤੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਸ਼ਿਕਾਇਤ ਕਰਦਿਆਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਸਮੇਤ ਹੋਰ ‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕੰਧਾਂ ’ਤੇ ‘ਮੋਦੀ ਹਟਾਓ ਦੇਸ਼ ਬਚਾਓ’ ਦੇ ਨਾਅਰੇ ਵਾਲੇ ਪੋਸਟਰ ਚਿਪਕਾ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਪੋਸਟਰ ਜਲੰਧਰ ਲੋਕ ਸਭਾ ਹਲਕੇ ਦੀਆਂ ਵੱਖ-ਵੱਖ ਥਾਵਾਂ ’ਤੇ ਜ਼ਿਮਨੀ ਚੋਣ ਨੂੰ ਪ੍ਰਭਾਵਿਤ ਕਰਨ ਲਈ ਚਿਪਕਾਏ ਗਏ। ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਇਹ ਪੋਸਟਰ ਲੋੜੀਂਦੀ ਜਾਣਕਾਰੀ ਨੂੰ ਵੀ ਪੂਰਾ ਨਹੀਂ ਕਰਦੇ। ਇਨ੍ਹਾਂ ਪੋਸਟਰਾਂ ਦਾ ਪ੍ਰਿੰਟਰ ਕੌਣ ਹੈ ਅਤੇ ਇਸ ਦੀਆਂ ਕਿੰਨੀਆਂ ਕਾਪੀਆਂ ਜਨਤਕ ਤੌਰ ’ਤੇ ਪ੍ਰਕਾਸ਼ਿਤ ਅਤੇ ਪ੍ਰਸਾਰਿਤ ਕੀਤੀਆਂ ਗਈਆਂ ਹਨ, ਇਸ ਦੀ ਜਾਣਕਾਰੀ ਪੋਸਟਰ ’ਚ ਨਹੀਂ ਹੈ। ਉਨ੍ਹਾਂ ਕਿਹਾ ਕਿ 'ਆਪ' ਦੇ ਮੰਤਰੀ ਕਈ ਤਰੀਕਿਆਂ ਨਾਲ ਕਾਨੂੰਨ ਦੀ ਘੋਰ ਉਲੰਘਣਾ ਕਰ ਰਹੇ ਹਨ। ਤਰੁਣ ਚੁੱਘ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਤੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ‘ਆਪ’ ਮੰਤਰੀ ਦੀਆਂ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।