- Updated: July 11, 2026 06:57 PM
ਬੀਤੀ ਦੇਰ ਰਾਤ ਬਟਾਲਾ ਦੇ ਨਜ਼ਦੀਕੀ ਪਿੰਡ ਸੀੜਾ ਵਿਖੇ 2 ਧਿਰਾਂ ਵਿਚਾਲੇ ਹੋਏ ਝਗੜੇ ਨੇ ਉਸ ਵੇਲੇ ਖੂਨੀ ਰੂਪ ਧਾਰਨ ਕਰ ਲਿਆ, ਜਦੋਂ ਇਕ ਧਿਰ ਵੱਲੋਂ ਦੂਜੀ ਧਿਰ ਦੇ ਵਿਅਕਤੀ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਵਿਅਕਤੀ ਦੀ ਦੇਰ ਰਾਤ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਦੂਜੇ ਪਾਸੇ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਗੋਲੀਆਂ ਚਲਾਉਣ ਵਾਲੇ ਵਿਅਕਤੀ ਅਤੇ ਉਸ ਦੀ ਪਤਨੀ ਨੂੰ 4 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਪਿੰਡ ਸੀੜਾ ਵਿਖੇ 2 ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਇਕ ਵਿਅਕਤੀ ਵੱਲੋਂ ਆਪਣੇ ਪਿਸਟਲ ਨਾਲ ਮਨਪਿੰਦਰ ਸਿੰਘ ਮੰਨਾ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੀੜਾ ’ਤੇ ਕਰੀਬ 5 ਰਾਊਂਡ ਫਾਇਰ ਕੀਤੇ ਗਏ। ਗੋਲੀਆਂ ਲੱਗਣ ਕਾਰਨ ਮਨਪਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਪਹਿਲਾਂ ਬਟਾਲਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਲਲਿਤ ਕੁਮਾਰ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਮ੍ਰਿਤਕ ਦੇ ਭਰਾ ਨਰਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ, ਗੋਲੀਆਂ ਚਲਾਉਣ ਵਾਲੇ ਮੁੱਖ ਮੁਲਜ਼ਮ ਗਗਨਦੀਪ ਸਿੰਘ ਅਤੇ ਉਸ ਦੀ ਪਤਨੀ ਤਸਵੀਰ ਕੌਰ ਵਾਸੀਆਨ ਸੀੜਾ ਨੂੰ ਮਹਿਜ਼ 4 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ। ਇਸ ਮੌਕੇ ਉਨ੍ਹਾਂ ਨਾਲ ਥਾਣਾ ਘਣੀਏ ਕੇ ਬਾਂਗਰ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਵੀ ਹਾਜ਼ਰ ਸਨ।