30,000 ਰੁਪਏ ਦੀ ਰਿਸ਼ਵਤ ਲੈਂਦਿਆਂ BDPO ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

30,000 ਰੁਪਏ ਦੀ ਰਿਸ਼ਵਤ ਲੈਂਦਿਆਂ BDPO ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦੇ ਗੁਰਮੁਖ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਕਤ ਅਧਿਕਾਰੀ ਉਕਤ ਦਫ਼ਤਰ ਵਿਚ ਕੰਮ ਕਰ ਰਹੇ ਤਿੰਨ ਹੋਰ ਪੰਚਾਇਤ ਸਕੱਤਰਾਂ ਨਾਲ ਉਸ ਦੀ ਤਨਖ਼ਾਹ ਜਾਰੀ ਕਰਨ ਬਦਲੇ 3,5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਹੁਣ ਉਨ੍ਹਾਂ ਨੇ ਯੋਗਦਾਨ ਪਾ ਕੇ 30,000 ਰੁਪਏ ਇਕੱਠੇ ਕੀਤੇ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ ਸਨ। 

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿਚ ਦੋਸ਼ੀ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।