- Updated: June 07, 2023 04:05 PM
ਕੇਂਦਰੀ ਮੰਤਰੀ ਮੰਡਲ ਨੇ ਅੱਜ ਹੋਈ ਬੈਠਕ ਵਿੱਚ ਕਈ ਫ਼ਸਲਾਂ ਦੀ MSP 'ਤੇ ਅਹਿਮ ਫ਼ੈਸਲੇ ਲੈਂਦੇ ਹੋਏ ਕਿਸਾਨਾਂ ਨੂੰ ਖ਼ਾਸ ਤੋਹਫ਼ਾ ਦਿੱਤਾ ਹੈ। ਬੈਠਕ ਵਿੱਚ ਫ਼ਸਲਾਂ ਦੇ MSP ਵਿੱਚ ਬੰਪਰ ਵਾਧਾ ਕੀਤਾ ਹੈ। ਅਰਹਰ ਦੀ ਦਾਲ, ਉੜਦ ਦਾਲ, ਝੋਨਾ ਅਤੇ ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਅਰਹਰ ਦੀ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਹੁਣ ਅਰਹਰ ਦੀ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 7,000 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ ਉੜਦ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 350 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਹ ਵਧ ਕੇ 6950 ਰੁਪਏ ਪ੍ਰਤੀ ਕੁਇੰਟਲ ਹੋ ਗਈ। ਮੱਕੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 128 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਕੇਂਦਰ ਦੀ ਮੋਦੀ ਸਰਕਾਰ ਨੇ ਝੋਨੇ ਦੀ MSP 'ਚ 7 ਫ਼ੀਸਦੀ ਦਾ ਵਾਧਾ ਕੀਤਾ ਹੈ। ਇਸ ਨਾਲ ਝੋਨੇ ਦਾ ਭਾਅ 2183 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਮੂੰਗੀ ਦੀ MSP 'ਚ ਸਭ ਤੋਂ ਵੱਧ 803 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨਾਲ ਮੂੰਗੀ ਦਾ ਭਾਅ 8558 ਰੁਪਏ ਪ੍ਰਤੀ ਕੁਇੰਟਲ ਹੋ ਗਿਆ। ਦੱਸ ਦੇਈਏ ਕਿ ਮੋਦੀ ਸਰਕਾਰ ਨੇ ਮੂੰਗਫਲੀ ਦੀ MSP 'ਚ 9 ਫ਼ੀਸਦੀ ਦਾ ਵਾਧਾ ਕੀਤਾ ਹੈ। ਕਪਾਹ ਦੀ ਫ਼ਸਲ ਵਿੱਚ 8.9 ਤੋਂ 10 ਫ਼ੀਸਦੀ ਤੱਕ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਜਵਾਰ, ਬਾਜਰਾ, ਰਾਗੀ, ਮੱਕੀ, ਅਰਹਰ ਦੀ ਦਾਲ, ਉੜਦ ਦੀ ਦਾਲ, ਸੋਇਆਬੀਨ,ਸੂਰਜਮੁਖੀ ਦੇ ਬੀਜਾਂ ਵਿੱਚ ਵੀ 6 ਤੋਂ 7 ਫ਼ੀਸਦੀ ਤੱਕ ਦਾ ਵਾਧਾ ਕੀਤਾ ਹੈ।