ਅਮਰੀਕਾ ਅਤੇ ਕੈਨੇਡਾ ਦੇ ਕਾਰੋਬਾਰੀ ਆਗੂ ਪੰਜਾਬ ''ਚ ਨਿਵੇਸ਼ ਕਰਨ ਲਈ ਆਉਣਗੇ ਭਾਰਤ

ਅਮਰੀਕਾ ਅਤੇ ਕੈਨੇਡਾ ਦੇ ਕਾਰੋਬਾਰੀ ਆਗੂ ਪੰਜਾਬ ''ਚ ਨਿਵੇਸ਼ ਕਰਨ ਲਈ ਆਉਣਗੇ ਭਾਰਤ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਅਗਲੇ ਮਹੀਨੇ ਜੁਲਾਈ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਚੋਟੀ ਦੇ ਪ੍ਰਵਾਸੀ ਭਾਰਤੀ ਉਦਯੋਗਪਤੀ ਭਾਰਤ ਦਾ ਦੌਰਾ ਕਰਨਗੇ, ਜਿਸ ਵਿੱਚ ਪੰਜਾਬ ਵਿੱਚ ਉਦਯੋਗਿਕ ਵਿਕਾਸ, ਰੁਜ਼ਗਾਰ ਅਤੇ ਆਰਥਿਕ ਸਰੋਤਾਂ ਦੀ ਵੱਧ ਤੋਂ ਵੱਧ ਵਿਕਾਸ ਲਈ ਕੇਂਦਰ ਸਰਕਾਰ ਨਾਲ ਡੂੰਘਾਈ ਨਾਲ ਚਰਚਾ ਕੀਤੀ ਜਾਵੇਗੀ।

ਇਸ ਸਾਲ ਇੰਦੌਰ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਪ੍ਰਵਾਸੀ ਭਾਰਤੀ ਸਨਮਾਨ ਨਾਲ ਨਵਾਜੇ ਗਏ ਅਮਰੀਕੀ ਅਰਬਪਤੀ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਵਲੋਂ ਆਯੋਜਿਤ ਖ਼ਾਸ ਡਿਨਰ ਵਿਚ ਉਨ੍ਹਾਂ ਨੂੰ ਭਾਰਤ  ਵਿਚ ਨਿਵੇਸ਼ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ ਸੀ ਅਤੇ ਉਨ੍ਹਾਂ ਦੀ ਬੇਨਤੀ ਤੋਂ ਬਾਅਦ ਉਨ੍ਹਾਂ ਨੇ ਅਮਰੀਕਾ ਅਤੇ ਕੈਨੇਡਾ ਦੇ ਕਾਰੋਬਾਰੀ ਆਗੂਆਂ ਨੂੰ ਭਾਰਤ ਵਿੱਚ ਨਿਵੇਸ਼ ਲਈ ਸੱਦਾ ਦਿੱਤਾ ਹੈ, ਜਿਸ ਦੇ ਹਾਂ-ਪੱਖੀ ਨਤੀਜਿਆਂ ਅਨੁਸਾਰ ਦੋਵਾਂ ਦੇਸ਼ਾਂ ਦੇ ਕਰੀਬ 10 ਵੱਡੇ ਉਦਯੋਗਿਕ ਘਰਾਣਿਆਂ ਨੇ ਪੰਜਾਬ ਦੀ ਖੇਤੀਬਾੜੀ, ਊਰਜਾ, ਬੁਨਿਆਦੀ ਢਾਂਚਾ ਵਿਕਾਸ, ਟਰਾਂਸਪੋਰਟ ਆਦਿ ਦੇ ਖੇਤਰਾਂ ਵਿੱਚ ਨਿਵੇਸ਼ ਵਿੱਚ ਦਿਲਚਸਪੀ ਜ਼ਾਹਰ ਕੀਤੀ ਹੈ ਅਤੇ ਇਨ੍ਹਾਂ ਨਿਵੇਸ਼ਾਂ ਦੀਆਂ ਸੰਭਾਵਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਚੋਟੀ ਦੇ ਕਾਰੋਬਾਰੀ ਆਗੂ ਜੁਲਾਈ ਮਹੀਨੇ ਵਿੱਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ।

                  Image

ਦਰਸ਼ਨ ਸਿੰਘ ਧਾਲੀਵਾਲ ਜੋ ਅਮਰੀਕਾ ਦੇ 11 ਸੂਬਿਆਂ ਵਿੱਚ 1000 ਦੇ ਕਰੀਬ ਗੈਸ ਸਟੇਸ਼ਨ ਚਲਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ  ਪਰਵਾਸੀ ਪੰਜਾਬੀ ਸਨਅਤਕਾਰ ਵੀ ਪ੍ਰਧਾਨ ਮੰਤਰੀ ਨਾਲ ਸਿੱਖਾਂ ਦੇ ਵੱਖ-ਵੱਖ ਮੁੱਦਿਆਂ 'ਤੇ ਗੱਲਬਾਤ ਕਰਨਗੇ ਕਿਉਂਕਿ ਉਹ ਮਹਿਸੂਸ ਕਰਦੇ ਹਨ ਕਿ ਸਿੱਖਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਮੋਦੀ ਜੀ ਦੇ ਸ਼ਾਸਨ ਦੌਰਾਨ ਸਕਾਰਾਤਮਕ ਢੰਗ ਨਾਲ ਹੱਲ ਕੀਤਾ ਜਾ ਸਕਦਾ ਹੈ ਕਿਉਂਕਿ ਪ੍ਰਧਾਨ ਮੰਤਰੀ ਦਾ ਸਿੱਖਾਂ ਪ੍ਰਤੀ ਵਿਸ਼ੇਸ਼ ਲਗਾਵ ਰਖਦੇ ਹਨ।

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਸ਼੍ਰੋਮਣੀ ਕਮੇਟੀ ਐਕਟ ਵਿੱਚ ਕੀਤੀਆਂ ਤਬਦੀਲੀਆਂ ਨੂੰ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਐਕਟ ਵਿਚ ਬਦਲਾਅ ਨਾਲ ਵਿਦੇਸ਼ਾਂ ਵਿੱਚ ਵਸੇ ਸਿੱਖਾਂ ਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ। ਇਸ ਤਰ੍ਹਾਂ ਦਾ ਪ੍ਰਚਾਰ ਬਿਲਕੁਲ ਗਲਤ ਕੀਤਾ ਜਾ ਰਿਹਾ ਹੈ।ਉਨ੍ਹਾਂ ਪੰਜਾਬ ਵਿੱਚ ਇੱਕ ਸਿਆਣੇ ਅਤੇ ਤਜਰਬੇਕਾਰ ਮੁੱਖ ਮੰਤਰੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਕਈ ਵਿਧਾਇਕ ਅਤੇ ਮੰਤਰੀ ਭ੍ਰਿਸ਼ਟਾਚਾਰ ਵਿੱਚ ਲਿਪਤ ਪਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦੇ ਅਕਸ ਨੂੰ ਢਾਹ ਲੱਗ ਰਹੀ ਹੈ।