- Updated: September 15, 2026 09:43 AM
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਪੰਜਾਬ ਨਾਲ ਸਬੰਧਤ ਚਾਰ ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਉਗਰਾਹੀ (Extortion) ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਕੈਨੇਡਾ ਤੋਂ ਡਿਪੋਰਟ ਕਰ ਦਿੱਤਾ ਹੈ। ਏਜੰਸੀ ਅਨੁਸਾਰ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ ਨੂੰ ‘ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ’ (IRPA) ਤਹਿਤ ਅਪਰਾਧਿਕ ਸੰਗਠਨਾਂ ਨਾਲ ਸਬੰਧ ਅਤੇ ਗੰਭੀਰ ਅਪਰਾਧਾਂ ਲਈ ਅਯੋਗ ਪਾਇਆ ਗਿਆ ਸੀ।
ਇਨ੍ਹਾਂ ਚਾਰਾਂ ਵਿਰੁੱਧ ਜ਼ਬਰਦਸਤੀ ਉਗਰਾਹੀ, ਗੋਲੀਬਾਰੀ ਅਤੇ ਹਿੰਸਕ ਵਾਰਦਾਤਾਂ ਦੇ ਮਾਮਲੇ ਦਰਜ ਸਨ। ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਆਫ ਕੈਨੇਡਾ (IRB) ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। CBSA ਨੇ ਅੱਜ ਦੱਸਿਆ ਕਿ ਉਨ੍ਹਾਂ ਵੱਲੋਂ ਇਸੇ ਸਾਲ ਦੇ ਪਿਛਲੇ ਮਹੀਨਿਆਂ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ਸ਼ਾਮਲ 111 ਸ਼ੱਕੀਆਂ ਨੂੰ ਦੇਸ਼ ਨਿਕਾਲਾ (ਡਿਪੋਰਟ) ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਹੋਰਾਂ ਵਿਰੁੱਧ ਵੀ ਕਾਰਵਾਈ ਜਾਰੀ ਹੈ।