- Updated: February 26, 2026 11:51 AM
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ 26 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਭਾਰਤ ਦੌਰੇ ਤੋਂ ਠੀਕ ਪਹਿਲਾਂ, ਕੈਨੇਡੀਅਨ ਸਰਕਾਰ ਨੇ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ। ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ, ਕੈਨੇਡਾ ਹੁਣ ਇਹ ਮੰਨਦਾ ਹੈ ਕਿ ਭਾਰਤ ਦਾ ਕੈਨੇਡਾ ਵਿੱਚ ਹੋਣ ਵਾਲੀਆਂ ਹਿੰਸਕ ਘਟਨਾਵਾਂ ਜਾਂ ਵਿਦੇਸ਼ੀ ਦਖਲਅੰਦਾਜ਼ੀ ਨਾਲ ਕੋਈ ਸਬੰਧ ਨਹੀਂ ਹੈ। ਕੈਨੇਡਾ ਦੇ ਸੀਨੀਅਰ ਅਧਿਕਾਰੀਆਂ ਨੇ ਮੀਡੀਆ ਬ੍ਰੀਫਿੰਗ ਦੌਰਾਨ ਦੱਸਿਆ, "ਸਾਡੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ (NSA) ਵਿਚਕਾਰ ਲਗਾਤਾਰ ਗੱਲਬਾਤ ਹੋ ਰਹੀ ਹੈ ਅਤੇ ਸਾਨੂੰ ਭਰੋਸਾ ਹੈ ਕਿ ਪਹਿਲਾਂ ਵਰਗੀਆਂ ਗਤੀਵਿਧੀਆਂ ਹੁਣ ਜਾਰੀ ਨਹੀਂ ਹਨ।"
ਕੈਨੇਡੀਅਨ PM ਕਾਰਨੀ 26 ਫਰਵਰੀ ਤੋਂ ਭਾਰਤ ਦੌਰੇ 'ਤੇ ਆ ਰਹੇ ਹਨ। ਉਹ ਮੁੰਬਈ ਅਤੇ ਨਵੀਂ ਦਿੱਲੀ ਵਿੱਚ ਰੁਕਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਦਾ ਮੁੱਖ ਮਕਸਦ ਦੋਵਾਂ ਦੇਸ਼ਾਂ ਦੇ ਆਰਥਿਕ ਸਬੰਧਾਂ ਨੂੰ ਮੁੜ ਸੁਰਜੀਤ ਕਰਨਾ ਹੈ। ਭਾਰਤ ਦੇ NSA ਅਜੀਤ ਡੋਭਾਲ ਦੇ ਹਾਲ ਹੀ ਵਿੱਚ ਹੋਏ ਕੈਨੇਡਾ ਦੌਰੇ ਨੇ ਸਬੰਧਾਂ ਨੂੰ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਦੋਵਾਂ ਦੇਸ਼ਾਂ ਨੇ ਸਾਈਬਰ ਸੁਰੱਖਿਆ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਨ ਲਈ ਇੱਕ 'ਐਕਸ਼ਨ ਪਲਾਨ' ਤਿਆਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਜੂਨ 2023 ਵਿੱਚ ਹਰਦੀਪ ਸਿੰਘ ਨਿੱਝਰ ਦੀ ਮੌਤ ਤੋਂ ਬਾਅਦ ਤਤਕਾਲੀ PM ਜਸਟਿਨ ਟਰੂਡੋ ਨੇ ਭਾਰਤ 'ਤੇ ਗੰਭੀਰ ਇਲਜ਼ਾਮ ਲਗਾਏ ਸਨ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਤਲਖ਼ੀ ਕਾਫ਼ੀ ਵਧ ਗਈ ਸੀ ਤੇ ਦੋਵਾਂ ਦੇਸ਼ਾਂ ਨੇ ਇੱਕ-ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਹਾਲਾਂਕਿ, ਕਾਰਨੀ ਸਰਕਾਰ ਹੁਣ ਇਸ ਮੁੱਦੇ ਨੂੰ ਪਿੱਛੇ ਛੱਡ ਕੇ ਅੱਗੇ ਵਧਣਾ ਚਾਹੁੰਦੀ ਹੈ।
ਕੈਨੇਡਾ ਸਰਕਾਰ ਨੇ ਭਾਰਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਜਿਸ ਦਾ ਮਤਲਬ ਹੈ ਕਿ ਕੈਨੇਡਾ ਹੁਣ ਅਮਰੀਕਾ 'ਤੇ ਆਪਣੀ ਆਰਥਿਕ ਨਿਰਭਰਤਾ ਘਟਾਉਣ ਲਈ ਭਾਰਤ ਵਰਗੇ ਵੱਡੇ ਬਾਜ਼ਾਰਾਂ ਨਾਲ ਸਬੰਧ ਸੁਧਾਰ ਰਿਹਾ ਹੈ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਵੀ ਕਿਹਾ ਹੈ ਕਿ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ।