- Updated: May 26, 2026 01:31 PM
ਕੈਨੇਡਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਜਨਮ ਤੋਂ ਕੁਝ ਸਮੇਂ ਬਾਅਦ ਨਵਜੰਮੇ ਬੱਚੇ ਨੂੰ ਖਤਰਨਾਕ ਜੰਗਲੀ ਇਲਾਕੇ ਵਿੱਚ ਛੱਡਣ ਦੇ ਦੋਸ਼ ਹੇਠ ਪੰਜਾਬੀ ਮੂਲ ਦੇ ਇੱਕ ਜੋੜੇ ਨੂੰ ਪੁਲਿਸ ਨੇ ਗ੍ਰਿਫ਼਼ਤਾਰ ਕੀਤਾ ਹੈ। ਇਸ ਘਟਨਾ ਨੇ ਸਥਾਨਕ ਭਾਈਚਾਰੇ ਵਿੱਚ ਚਿੰਤਾ ਅਤੇ ਸਦਮੇ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮਹਿਲਾ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਜਾਂਚ ਦੌਰਾਨ ਨੋਟਿਸ ਕੀਤਾ ਕਿ ਮਹਿਲਾ ਨੇ ਹਾਲ ਹੀ ਵਿੱਚ ਬੱਚੇ ਨੂੰ ਜਨਮ ਦਿੱਤਾ ਹੈ, ਪਰ ਬੱਚਾ ਉਸਦੇ ਨਾਲ ਨਹੀਂ ਸੀ। ਇਸ ਤੋਂ ਬਾਅਦ ਡਾਕਟਰਾਂ ਨੂੰ ਸ਼ੱਕ ਹੋਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਪੁਲਿਸ ਨੇ ਜਾਂਚ ਸ਼ੁਰੂ ਕਰਦੇ ਹੋਏ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਜਾਂਚ ਦੌਰਾਨ ਨਵਜੰਮੇ ਬੱਚੇ ਦੀ ਲਾਸ਼ ਜੰਗਲੀ ਇਲਾਕੇ ਵਿੱਚੋਂ ਬਰਾਮਦ ਹੋਈ। ਇਸ ਮਗਰੋਂ ਪੁਲਿਸ ਨੇ ਮਾਮਲੇ ਨਾਲ ਸੰਬੰਧਿਤ ਪੰਜਾਬੀ ਜੋੜੇ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮਹਿਲਾ ਇਸ ਵੇਲੇ ਹਸਪਤਾਲ ਵਿੱਚ ਇਲਾਜ ਅਧੀਨ ਹੈ ਅਤੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਘਟਨਾ ਮਗਰੋਂ ਪੰਜਾਬੀ ਭਾਈਚਾਰੇ ਵਿੱਚ ਵੀ ਡੂੰਘਾ ਦੁੱਖ ਅਤੇ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ।