ਪੰਜਾਬੀ ਕਾਰੋਬਾਰੀ ਦਾ ਕੈਨੇਡਾ ''ਚ ਗੋਲ਼ੀਆਂ ਮਾਰ ਕੇ ਕਤਲ , ਇਸ ਗੈਂਗ ਨੇ ਲਈ ਜ਼ਿੰਮੇਵਾਰੀ

 ਪੰਜਾਬੀ ਕਾਰੋਬਾਰੀ ਦਾ ਕੈਨੇਡਾ ''ਚ ਗੋਲ਼ੀਆਂ ਮਾਰ ਕੇ ਕਤਲ , ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਕੈਨੇਡਾ ਦੇ ਸਰੀ ਸ਼ਹਿਰ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸਤਵੀਰ ਸਿੰਘ ਵਜੋਂ ਹੋਈ ਹੈ। ਇਸ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਵਿੱਚ ਸਰਗਰਮ 'ਗੋਦਾਰਾ ਗੈਂਗ' ਨੇ ਸੋਸ਼ਲ ਮੀਡੀਆ ਰਾਹੀਂ ਲਈ ਹੈ।

ਜਾਣਕਾਰੀ ਅਨੁਸਾਰ ਸਤਵੀਰ ਸਿੰਘ ਜਦੋਂ ਆਪਣੇ ਦਫ਼ਤਰ ਤੋਂ ਬਾਹਰ ਨਿਕਲ ਕੇ ਆਪਣੀ ਗੱਡੀ ਵਿੱਚ ਬੈਠ ਕੇ ਘਰ ਚੱਲਾ ਸੀ ਤਾਂ ਹਮਲਾਵਰਾਂ ਨੇ ਉਸ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਸਤਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜ਼ਿੰਮੇਵਾਰੀ ਗੋਦਾਰਾ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਹੈ, ਜਿਸ 'ਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਸਤਵੀਰ ਉਰਫ਼ ਸੈਮ ਉਨ੍ਹਾਂ ਦੇ ਵਿਰੋਧੀ ਗੈਂਗ ਦੀ ਮਦਦ ਕਰ ਰਿਹਾ ਸੀ ਅਤੇ ਵਾਰ-ਵਾਰ ਚਿਤਾਵਨੀ ਦੇਣ ਦੇ ਬਾਵਜੂਦ ਉਹ ਪਿੱਛੇ ਨਹੀਂ ਹਟਿਆ। ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (RCMP) ਦੀ 'ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ' (IHIT) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸਤਵੀਰ ਸਿੰਘ ਪੰਜਾਬ ਦੇ ਅਬੋਹਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਸੀ ਅਤੇ ਪਿਛਲੇ 15 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਉਸ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਛੋਟੇ ਬੱਚੇ ਹਨ। ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਵਿੱਚ ਵੀ ਮਾਤਮ ਛਾਇਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਅਤੇ ਓਂਟਾਰੀਓ ਸੂਬਿਆਂ ਵਿੱਚ ਪੰਜਾਬੀ ਮੂਲ ਦੇ ਨੌਜਵਾਨਾਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਾਰਦਾਤਾਂ ਤੇਜ਼ੀ ਨਾਲ ਵਧੀਆਂ ਹਨ। ਪੰਜਾਬ ਤੋਂ ਕੈਨੇਡਾ ਗਏ ਵੱਖ-ਵੱਖ ਗੈਂਗਾਂ ਵਿਚਕਾਰ ਚੱਲ ਰਹੀ ਰੰਜਿਸ਼ ਹੁਣ ਕੈਨੇਡਾ ਦੀਆਂ ਸੜਕਾਂ 'ਤੇ ਖੂਨ ਵਹਾਉਣ ਲੱਗੀ ਹੈ, ਜਿਸ ਦਾ ਖਾਮਿਆਜ਼ਾ ਪੂਰੇ ਪੰਜਾਬੀ ਭਾਈਚਾਰੇ ਨੂੰ ਭੁਗਤਣਾ ਪੈ ਰਿਹਾ ਹੈ।