- Updated: November 13, 2024 10:07 AM
ਕੈਨੇਡਾ ਦੇ ਬਰੈਂਪਟਨ ਸਥਿਤ ਤ੍ਰਿਵੇਣੀ ਮੰਦਰ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ 17 ਨਵੰਬਰ ਨੂੰ ਭਾਰਤੀ ਕੌਂਸਲੇਟ ਦੁਆਰਾ ਆਯੋਜਿਤ ਇੱਕ ਸਮਾਗਮ ਨੂੰ ਰੱਦ ਕਰ ਦਿੱਤਾ। ਮੰਦਰ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਹ ਕਦਮ ਪੀਲ ਰੀਜਨਲ ਪੁਲਸ ਤੋਂ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਚੁੱਕਿਆ ਹੈ। ਜਿਸ ਵਿੱਚ ਹਿੰਸਕ ਪ੍ਰਦਰਸ਼ਨਾਂ ਦਾ ਖਤਰਾ ਜ਼ਿਆਦਾ ਸੀ। ਮੰਦਰ ਦੀ ਇਸ ਦਲੀਲ 'ਤੇ ਹੁਣ ਕੈਨੇਡਾ ਦੀ ਪੀਲ ਰੀਜਨਲ ਪੁਲਸ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।
ਪੀਲ ਰੀਜਨਲ ਪੁਲਸ ਨੇ ਮੰਗਲਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਦੇਸ਼ ਭਰ ਵਿੱਚ ਵਧਦੇ ਤਣਾਅ ਅਤੇ ਚਿੰਤਾਵਾਂ ਵਿਚਕਾਰ ਪੀਲ ਖੇਤਰ ਵਿੱਚ ਪੂਜਾ ਸਥਾਨਾਂ ਦੇ ਖ਼ਿਲਾਫ਼ ਕੋਈ ਸਿੱਧੀ ਧਮਕੀ ਨਹੀਂ ਮਿਲੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਪੁਲਸ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਜਾਣੂ ਹੈ, ਖਾਸ ਤੌਰ 'ਤੇ ਪੂਜਾ ਸਥਾਨਾਂ 'ਤੇ ਪ੍ਰਦਰਸ਼ਨਾਂ ਅਤੇ ਕਥਿਤ ਧਮਕੀਆਂ ਬਾਰੇ। ਇਸ ਬਾਰੇ ਪੀਲ ਖੇਤਰੀ ਪੁਲਸ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਸਾਨੂੰ ਪੀਲ ਖੇਤਰ ਵਿੱਚ ਕਿਸੇ ਵੀ ਧਾਰਮਿਕ ਸਥਾਨ ਵਿਰੁੱਧ ਕੋਈ ਸਿੱਧੀ ਧਮਕੀ ਨਹੀਂ ਮਿਲੀ ਹੈ। ਇਸ ਮਾਮਲੇ ਵਿੱਚ ਪੀਲ ਰੀਜਨਲ ਪੁਲਸ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਕਿਸੇ ਵੀ ਧਾਰਮਿਕ ਸਥਾਨ ਵਿਰੁੱਧ ਕੋਈ ਸਿੱਧੀ ਧਮਕੀ ਨਹੀਂ ਮਿਲੀ, ਪਰ ਉਨ੍ਹਾਂ ਨੇ ਸੁਰੱਖਿਆ ਵਧਾ ਦਿੱਤੀ ਹੈ ਤੇ ਕਮਿਊਨਿਟੀ ਆਗੂਆਂ ਨਾਲ ਸੰਪਰਕ ਕਰਕੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਮੰਦਰ ਦੇ ਅਧਿਕਾਰੀਆਂ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਹੈ, ਤਾਂ ਜੋ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਅਤੇ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਹਾਲ ਹੀ ਵਿੱਚ ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਵਿੱਚ ਵਿਰੋਧ ਪ੍ਰਦਰਸ਼ਨ ਦੌਰਾਨ ਝੜਪਾਂ ਹੋਈਆਂ ਸਨ, ਜਿਸ ਤੋਂ ਬਾਅਦ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਤਣਾਅ ਚੱਲ ਰਿਹਾ ਹੈ। ਖਾਸ ਕਰਕੇ ਜਦੋਂ ਤੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਭੂਮਿਕਾ ਦਾ ਦੋਸ਼ ਲਾਇਆ ਸੀ। ਭਾਰਤ ਨੇ ਇਸ ਦੋਸ਼ ਨੂੰ ਰੱਦ ਕਰ ਦਿੱਤਾ ਹੈ ਅਤੇ ਖਾਲਿਸਤਾਨ ਸਮਰਥਕਾਂ ਦੇ ਮੁੱਦੇ 'ਤੇ ਦੋਵਾਂ ਦੇਸ਼ਾਂ ਵਿਚਾਲੇ ਮਤਭੇਦ ਹੋਰ ਡੂੰਘੇ ਹੋ ਗਏ ਹਨ।