ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਭਾਜਪਾ ਆਗੂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਲਿਆ ਜਾਵੇ: ਵਿਜੇ ਸਾਂਪਲਾ

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਭਾਜਪਾ ਆਗੂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਲਿਆ ਜਾਵੇ: ਵਿਜੇ ਸਾਂਪਲਾ

ਪੰਜਾਬ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਵਿਜੇ ਸਾਂਪਲਾ ਨੇ ਭਾਦਸੋਂ ’ਚ ਭਾਜਪਾ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਮਾਮਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ’ਤੇ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਾਂਪਲਾ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਦੀ ਵੀ ਮੰਗ ਕੀਤੀ। ਵਿਜੇ ਸਾਂਪਲਾ ਨੇ ਕਿਹਾ ਕਿ ਭਾਦਸੋਂ ’ਚ ਆਮ ਆਦਮੀ ਪਾਰਟੀ ਦੇ ਆਗੂ ਮਾਮਦੀਨ ਖਾਨ ਦੀ ਦੁਕਾਨ ਤੋਂ ਨਸ਼ੀਲੀਆਂ ਦਵਾਈਆਂ ਬਰਾਮਦ ਕਰਵਾਉਣ ਦੇ ਮਾਮਲੇ ’ਚ ਭਾਜਪਾ ਕਰਮਚਾਰੀਆਂ ਨੇ ਲੋਕਤੰਤਰਿਕ ਤਰੀਕੇ ਨਾਲ ਵਿਰੋਧ ਜਤਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਆਗੂ ਨੂੰ ਤੁਰੰਤ ਜ਼ਮਾਨਤ ਮਿਲ ਗਈ, ਜਦਕਿ ਬਰਿੰਦਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਮਾਮਲਾ ਦਰਜ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਭਾਜਪਾ ਸਮਰਥਕਾਂ ਵੱਲੋਂ ਕੱਢਿਆ ਗਿਆ ਰੋਸ ਮਾਰਚ ਨਸ਼ੇ ਦੀ ਸਮੱਸਿਆ ਪ੍ਰਤੀ ਲੋਕਾਂ ਦੀ ਚਿੰਤਾ ਨੂੰ ਦਰਸਾਉਂਦਾ ਹੈ। ਸਾਂਪਲਾ ਨੇ ਮੰਗ ਕੀਤੀ ਕਿ ਬਰਿੰਦਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਨਿਰਪੱਖ ਸਮੀਖਿਆ ਕੀਤੀ ਜਾਵੇ ਅਤੇ ਪਾਬੰਦੀਸ਼ੁਦਾ ਕੈਪਸੂਲਾਂ ਦੀ ਕਥਿਤ ਬਰਾਮਦਗੀ ਨਾਲ ਜੁੜੇ ਮਾਮਲੇ ਦੀ ਪਾਰਦਰਸ਼ੀ ਜਾਂਚ ਹੋਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਾਮਲਾ ਤੁਰੰਤ ਵਾਪਸ ਨਾ ਲਿਆ ਗਿਆ, ਤਾਂ ਭਾਜਪਾ ਇਸ ਮੁੱਦੇ ’ਤੇ ਵੱਡਾ ਅੰਦੋਲਨ ਸ਼ੁਰੂ ਕਰੇਗੀ।