- Updated: October 14, 2026 10:47 PM
ਸੀ. ਬੀ. ਆਈ. ਦੀਆਂ ਟੀਮਾਂ ਨੇ ਇਕ ਵਾਰ ਫ਼ਿਰ ਤੋਂ ਪੰਜਾਬ ਵਿਚ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਕ, ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਅਮਰੋਹ ਚ ਸੀਬੀਆਈ ਦੀ ਟੀਮ ਵੱਲੋਂ ਰੇਡ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਨਾਜਾਇਜ਼ ਮਾਈਨਿੰਗ ਨਾਲ ਜੁੜੇ ਮਾਮਲੇ ਵਿਚ ਕੀਤੀ ਗਈ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਅਦ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਤਲਵਾੜਾ ਅਤੇ ਆਸ-ਪਾਸ ਦੇ ਕੰਢੀ ਖ਼ੇਤਰ ਵਿੱਚ ਗ਼ੈਰ-ਕਾਨੂੰਨੀ ਖਣਨ ਦੀ ਜਾਂਚ ਲਈ ਵਿਸ਼ੇਸ਼ ਦੌਰਾ ਕੀਤਾ। ਟੀਮ ਨੇ ਮਾਸਟਰ ਸਟੋਨ ਕਰੱਸ਼ਰ ਸਮੇਤ ਵੱਖ-ਵੱਖ ਮਾਈਨਿੰਗ ਥਾਵਾਂ ਦਾ ਜਾਇਜ਼ਾ ਲਿਆ, ਜਿਸ ਨਾਲ ਇਲਾਕੇ ਦੇ ਸਟੋਨ ਕਰੱਸ਼ਰ ਮਾਲਕਾਂ ਵਿੱਚ ਹੜਕੰਪ ਮਚ ਗਿਆ ਹੈ। ਹਾਈ ਕੋਰਟ ਦੇ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਰਾਹੁਲ ਮਨਚੰਦਾ ਦੀ ਪਟੀਸ਼ਨ 'ਤੇ 18 ਸਤੰਬਰ ਨੂੰ ਇਹ ਮਾਮਲਾ ਸੀ.ਬੀ.ਆਈ. ਨੂੰ ਸੌਂਪਿਆ ਸੀ। ਅਦਾਲਤ ਨੇ ਖੇਤਰ ਵਿੱਚ ਡਰੋਨ ਸਰਵੇਖਣ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਸੀ.ਬੀ.ਆਈ. ਵੱਲੋਂ ਆਪਣੀ ਰਿਪੋਰਟ 7 ਦਸੰਬਰ ਨੂੰ ਅਦਾਲਤ ਵਿਚ ਪੇਸ਼ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਿਪੋਰਟ ਵਿੱਚ ਕਈ ਪਿੰਡਾਂ ਵਿੱਚ 20 ਤੋਂ 110 ਫੁੱਟ ਤੱਕ ਗ਼ੈਰ-ਕਾਨੂੰਨੀ ਖਣਨ ਦੀ ਪੁਸ਼ਟੀ ਹੋਈ ਸੀ। ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਸੀ ਕਿ ਮਾਫੀਆ ਵੱਲੋਂ ਜਾਂਚ ਟੀਮ ਦੇ ਰਾਹ ਵਿੱਚ ਅੜਿੱਕੇ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਮੌਕੇ ਤੋਂ ਖਣਨ ਸਮੱਗਰੀ ਦੇ ਤਾਜ਼ਾ ਢੇਰ, ਟਿੱਪਰ ਅਤੇ ਜੇ.ਸੀ.ਬੀ. ਮਸ਼ੀਨਾਂ ਬਰਾਮਦ ਹੋਈਆਂ। ਸੂਬਾ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਕੋਈ ਵੀ ਕਰੱਸ਼ਰ ਚਾਲੂ ਨਹੀਂ ਹੈ, ਪਰ ਅਦਾਲਤ ਕੱਚੇ ਮਾਲ ਦੇ ਸਰੋਤਾਂ ਬਾਰੇ ਤਸੱਲੀਬਖਸ਼ ਜਵਾਬ ਨਹੀਂ ਦੇ ਸਕੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇੱਕ ਸਾਬਕਾ ਖਣਨ ਡਾਇਰੈਕਟਰ ਦੇ ਕਾਰਜਕਾਲ ਦੌਰਾਨ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਉਲੰਘਣਾ ਕਰਕੇ 104 ਨਵੇਂ ਕਰੱਸ਼ਰਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 23 ਇਕੱਲੇ ਹੁਸ਼ਿਆਰਪੁਰ ਵਿੱਚ ਸਨ। ਹੁਣ ਸੀ.ਬੀ.ਆਈ. ਗ਼ੈਰ-ਕਾਨੂੰਨੀ ਖਣਨ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾଣ ਕਰ ਰਹੀ ਹੈ।